ਜੱਦੀ ਹਲਕਿਆਂ ਵਿੱਚ ਪੁੱਜਣ ’ਤੇ ਨਵੇਂ ਕੈਬਨਿਟ ਮੰਤਰੀਆਂ ਦਾ ਸਵਾਗਤ
ਪੱਤਰ ਪੇ੍ਰਕ
ਜਲੰਧਰ, 24 ਸੰਤਬਰ
ਪੰਜਾਬ ਦੇ ਰੱਖਿਆ ਸੇਵਾਵਾਂ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਬਣੇ ਮਹਿੰਦਰ ਭਗਤ ਦਾ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਜਲੰਧਰ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਸਮਰਥਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਇਕੱਠੇ ਹੋ ਕੇ ਕੈਬਨਿਟ ਮੰਤਰੀ ਨੂੰ ਵਧਾਈ ਦਿੰਦਿਆਂ ਗੁਲਦਸਤੇ ਭੇਟ ਕੀਤੇ ਗਏ।ਸਰਕਟ ਹਾਊਸ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਆਪਣੇ ਪਿਤਾ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ ਗਿਆ। ਇਸ ਮੌਕੇ ਮਹਿੰਦਰ ਭਗਤ ਨੇ ਜਲੰਧਰ ਵਾਸੀਆਂ ਖਾਸ ਕਰਕੇ ਜਲੰਧਰ ਪੱਛਮੀ ਦੇ ਲੋਕਾਂ ਦਾ ਭਰਪੂਰ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ’ਤੇ ਵਿਸ਼ਵਾਸ ਕਰਕੇ ਸੌਂਪੀ ਗਈ ਜ਼ਿੰਮੇਵਾਰੀ ਲਈ ਵੀ ਧੰਨਵਾਦ ਕੀਤਾ। ਕੈਬਨਿਟ ਮੰਤਰੀ ਨੇ ਸੂਬਾ ਵਾਸੀਆਂ ਦੀ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਕਿਹਾ ਕਿ ਉਹ 24 ਘੰਟੇ ਲੋਕ ਮਸਲਿਆਂ ਦੇ ਹੱਲ ਲਈ ਹਾਜ਼ਰ ਰਹਿਣਗੇ।
ਪੱਤਰ ਪ੍ਰੇਰਕ
ਹੁਸ਼ਿਆਰਪੁਰ, 24 ਸਤੰਬਰ
ਨਵਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ਪੁੱਜਣ ’ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿੱਚ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸੁਰਿੰਦਰ ਲਾਂਬਾ ਆਦਿ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਜ਼ਿਲ੍ਹੇ ’ਚ ਚੱਲ ਰਹੀਆਂ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਿਲ ਕੀਤੀ।
ਉਨ੍ਹਾਂ ਸਾਰੇ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਇਕ ਆਦਰਸ਼ ਜ਼ਿਲ੍ਹੇ ਦੇ ਰੂਪ ਵਿਚ ਵਿਕਸਿਤ ਕਰਨਾ ਉਨ੍ਹਾਂ ਦੀ ਪਹਿਲ ਹੈ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਜਨਤਾ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਸਾਰੀਆਂ ਗਾਰੰਟੀਆਂ ਪੂਰੀਆਂ ਕਰੇਗੀ।