ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਕਣਕ ਨਾ ਪੁੱਜੀ
ਜੋਗਿੰਦਰ ਸਿੰਘ ਓਬਰਾਏ
ਖੰਨਾ, 1 ਅਪਰੈਲ
ਸਰਕਾਰੀ ਐਲਾਨਾਂ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਅੱਜ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਨਹੀਂ ਹੋ ਸਕੀ। ਇੱਥੇ ਮੰਡੀ ਵਿੱਚ ਹੁਣ ਤੱਕ ਕਣਕ ਦੀ ਕੋਈ ਢੇਰੀ ਨਾ ਆਉਣ ਕਾਰਨ ਖ਼ਰੀਦ ਦਾ ਕੰਮ ਸ਼ੁਰੂ ਨਾ ਹੋਇਆ। ਇਸ ਵਾਰ ਮੌਸਮ ਠੰਢਾ ਰਹਿਣ ਕਾਰਨ ਫ਼ਸਲ ਦੀ ਵਾਢੀ ਦਾ ਕੰਮ ਪੱਛੜ ਗਿਆ ਹੈ ਜਿਸ ਕਾਰਨ ਅਪਰੈਲ ਦੇ ਪਹਿਲੇ ਹਫ਼ਤੇ ਮੰਡੀ ਵਿਚ ਫ਼ਸਲ ਆਉਣ ਦੀ ਕੋਈ ਉਮੀਦ ਨਹੀਂ ਹੈ। ਫ਼ਸਲ ਦੀ ਆਮਦ ਨਿਰਵਿਘਨ ਕਰਵਾਉਣ ਲਈ ਕੁਝ ਦਿਨ ਪਹਿਲਾਂ ਐੱਸਡੀਐੱਮ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜ੍ਹਤੀਆਂ ਤੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਜਾਣਕਾਰੀ ਅਨੁਸਾਰ ਜਿੱਥੇ ਮੰਡੀ ਵਿੱਚੋਂ ਸਰਕਾਰੀ ਖ਼ਰੀਦ ਏਜੰਸੀਆਂ ਪਨਗਰੇਨ, ਮਾਰਕਫੈਡ, ਪਨਸਪ, ਵੇਅਰਹਾਊਸ ਅਤੇ ਐੱਫਸੀਆਈ ਵੱਲੋਂ ਕਣਕ ਦੀ ਖ਼ਰੀਦ ਕੀਤੀ ਜਾਂਦੀ ਹੈ, ਉੱਥੇ ਹੀ ਕਣਕ ਨੂੰ ਪ੍ਰਾਈਵੇਟ ਵਪਾਰੀਆਂ ਵੱਲੋਂ ਵੀ ਖ਼ਰੀਦਿਆ ਜਾਂਦਾ ਹੈ। ਪਿਛਲੇ ਸੀਜ਼ਨ ਦੌਰਾਨ ਖੰਨਾ ਮੰਡੀ ਵਿਚ 8,25,451 ਕੁਇੰਟਲ ਕਣਕ ਦੀ ਖ਼ਰੀਦ ਕੀਤੀ ਗਈ ਸੀ ਜਿਸ ਵਿੱਚੋਂ ਵਪਾਰੀਆਂ ਵੱਲੋਂ 3,43,301 ਕੁਇੰਟਲ ਖ਼ਰੀਦੀ ਗਈ ਸੀ। ਮਾਰਕੀਟ ਕਮੇਟੀ ਦੇ ਸਕੱਤਰ ਮਨਜਿੰਦਰ ਸਿੰਘ ਮਾਨ ਨੇ ਦੱੱਸਿਆ ਕਿ ਮਾਰਕੀਟ ਕਮੇਟੀ ਵੱਲੋਂ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਨੂੰ ਆਪਣੀ ਜਿਣਸ ਲਿਆਉਣ ਲਈ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਮੌਸਮ ਦੀ ਖ਼ਰਾਬੀ ਕਾਰਨ 10 ਦਿਨਾਂ ਤੱਕ ਮੰਡੀ ਵਿਚ ਫ਼ਸਲ ਆਉਣ ਦੀ ਸੰਭਾਵਨਾ ਹੈ।