For the best experience, open
https://m.punjabitribuneonline.com
on your mobile browser.
Advertisement

ਮੰਗਾਂ ਹੱਲ ਨਾ ਹੋਣ ’ਤੇ ਦਫ਼ਤਰੀ ਕਾਮਿਆਂ ਤੇ ਵਿਸ਼ੇਸ਼ ਅਧਿਆਪਕਾਂ ਨੇ ਸੂਬਾ ਸਰਕਾਰ ਦੀ ਅਰਥੀ ਫੂਕੀ

09:08 AM Mar 12, 2024 IST
ਮੰਗਾਂ ਹੱਲ ਨਾ ਹੋਣ ’ਤੇ ਦਫ਼ਤਰੀ ਕਾਮਿਆਂ ਤੇ ਵਿਸ਼ੇਸ਼ ਅਧਿਆਪਕਾਂ ਨੇ ਸੂਬਾ ਸਰਕਾਰ ਦੀ ਅਰਥੀ ਫੂਕੀ
ਜਲੰਧਰ ਵਿੱਚ ਸੂਬਾ ਸਰਕਾਰ ਦੀ ਅਰਥੀ ਸਾੜਦੇ ਹੋਏ ਮੁਲਾਜ਼ਮ।
Advertisement

ਪੱਤਰ ਪ੍ਰੇਰਕ
ਜਲੰਧਰ, 11 ਮਾਰਚ
ਮੁੱਖ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਵੱਲੋਂ ਸੰਘਰਸ਼ ਮਘਾ ਦਿੱਤਾ ਗਿਆ ਹੈ। ਅੱਜ ਦਫ਼ਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਪੱਧਰ ਉੱਤੇ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਨਿਗੂਣੀ ਤਨਖਾਹ ਤੇ ਗੁਜ਼ਾਰਾ ਕਰਨਾ ਮੁਸ਼ਕਿਲ ਹੈ ਅਤੇ ਮੁੱਖ ਮੰਤਰੀ ਦੇ ਫ਼ੈਸਲੇ ਦੇ ਬਾਵਜੂਦ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਅਤੇ ਹੁਣ ਮੁਲਾਜ਼ਮਾਂ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰਨ ਤੋਂ ਅਸਮਰੱਥ ਹਨ ਜਿਸ ਕਰਕੇ ਮੁਲਾਜ਼ਮ 13 ਮਾਰਚ ਨੂੰ ਆਪਣੇ ਬੱਚੇ ਮੁੱਖ ਮੰਤਰੀ ਦੀ ਰਿਹਾਇਸ਼ ਛੱਡਣ ਜਾਣਗੇ ਤਾਂ ਜੋ ਮੁੱਖ ਮੰਤਰੀ ਉਨ੍ਹਾਂ ਦੇ ਬੱਚਿਆਂ ਦਾ ਪਾਲਣ ਪੋਸ਼ਣ ਕਰਨ। ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਨਿਟ ਸਬ ਕਮੇਟੀ ਵੱਲੋਂ ਮਿਤੀ 22/11/2023 ਅਤੇ 31/01/2024 ਨੂੰ ਫੈਸਲਾ ਲੈਣ ਦੇ ਬਾਵਜੂਦ ਅਫ਼ਸਰ ਕਮੇਟੀ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫ਼ਾਈਲ ਤੇ ਕੋਈ ਕਾਰਵਾਈ ਨਹੀਂ ਕਰ ਰਹੀ। ਸਰਵ ਸਿੱਖਿਆ ਅਭਿਆਨ ਦਫ਼ਤਰੀ/ਮਿੱਡ-ਡੇਅ ਮੀਲ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ, ਸੁਖਰਾਜ, ਲਲਿਤ ਮਿਸ਼ਰਾ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ। ਆਗੂਆਂ ਨੇ ਦੱਸਿਆ ਕਿ ਦਫ਼ਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੌਤੀ ਕੀਤੀ ਜਾ ਰਹੀ ਹੈ ਜੋ ਵਾਰ-ਵਾਰ ਮੰਤਰੀਆਂ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀਂ ਹੋਈ। ਇਸ ਦੇ ਨਾਲ ਹੀ ਮਿੱਡ-ਡੇਅ ਮੀਲ ਦਫਤਰੀ ਕਰਮਚਾਰੀਆਂ ਦੀ ਸਾਲ 2019 ਤੋਂ ਤਨਖਾਹ ਵਿੱਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਮੁਲਾਜ਼ਮਾਂ ਦੇ ਰੋਸ ਦੇਖਦਿਆਂ ਪ੍ਰਸ਼ਾਸਨ ਵੱਲੋਂ ਮੌਕੇ ’ਤੇ ਯੂਨੀਅਨ ਦਾ ਮੰਗ ਪੱਤਰ ਨਾਇਬ ਤਹਿਸੀਲਦਾਰ ਮੈਡਮ ਅਨੁਦੀਪ ਨੂੰ ਦਿੱਤਾ ਗਿਆ। ਇਸ ਮੌਕੇ ਭਰਾਤਰੀ ਜਥੇਬੰਦੀ ਐਲੀਮੈਂਟਰੀ ਅਧਿਆਪਕ ਯੂਨੀਅਨ ਤੋਂ ਤਰਸੇਮ ਲਾਲ ਭਗਤ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸਮਰਥਨ ਵਿੱਚ ਆਏ।

Advertisement

Advertisement
Author Image

joginder kumar

View all posts

Advertisement
Advertisement
×