ਮਸਲੇ ਹੱਲ ਨਾ ਹੋਣ ’ਤੇ ਬਿਜਲੀ ਕਾਮਿਆਂ ਵਿੱਚ ਰੋਸ ਵਧਿਆ
ਖੇਤਰੀ ਪ੍ਰਤੀਨਿਧ
ਪਟਿਆਲਾ, 1 ਜੁਲਾਈ
ਪੀਐਸਈਬੀ ਐਂਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਵਲੋਂ 20 ਜੁਲਾਈ ਨੂੰ ਬਿਜਲੀ ਮੰਤਰੀ ਦੀ ਅੰਮ੍ਰਿਤਸਰ ਰਿਹਾਇਸ਼ ਵਿਚ ਸੂਬਾਈ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਬਿਜਲੀ ਮੰਤਰੀ ਸਮੇਤ ਦੋਨੋਂ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਡਾਇਰੈਕਟਰਾਂ ਵਿਰੁੱਧ ਫੀਲਡ ਵਿੱਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਵੀ ਕੀਤੇ ਜਾਣਗੇ। ਬਿਜਲੀ ਕਾਮੇ ਅਗਲੇ ਫੈਸਲੇ ਤੱਕ ਵਰਕ ਟੂ ਰੂਲ ਅਨੁਸਾਰ ਕੰਮ ਕਰਨਗੇ ਤੇ ਪੰਜ ਜੁਲਾਈ ਨੂੰ ਹੈਡ ਆਫਿਸ ਪਟਿਆਲਾ ਦੇ ਤਿੰਨੇ ਗੇਟਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਫੈਸਲਾ ਅੱਜ ਬਲਦੇਵ ਸਿੰਘ ਮੰਢਾਲੀ ਦੀ ਪ੍ਰਧਾਨਗੀ ਹੇਠ ਹੋਈ ਜੁਆਇੰਟ ਫੋਰਮ ਦੀ ਮੀਟਿੰਗ ਵਿੱਚ ਲਿਆ ਗਿਆ। ਜੁਆਇੰਟ ਫੋਰਮ ਦੇ ਆਗੂਆਂ ਨੇ ਪਾਵਰਕੌਮ ਅਤੇ ਟਰਾਂਸਕੋ ਮੈਨੇਜਮੈਂਟ ਦੀ ਨਿੰਦਾ ਕਰਦਿਆਂ ਕਿਹਾ ਕਿ 25 ਮਈ ਨੂੰ ਬਿਜਲੀ ਮੰਤਰੀ ਅਤੇ ਮੈਨੇਜਮੈਂਟ ਨੇ 20 ਦਿਨਾਂ ਅੰਦਰ ਮੰਨੀਆਂ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਉਨ੍ਹਾਂ ਵਲੋਂ ਟਾਲ ਮਟੋਲ ਕੀਤੀ ਜਾ ਰਹੀ ਹੈ।