ਮਸਲੇ ਹੱਲ ਨਾ ਹੋਣ ’ਤੇ ਮਜ਼ਦੂਰਾਂ ਦਾ ਸਰਕਾਰ ਖ਼ਿਲਾਫ਼ ਰੋਸ ਵਧਿਆ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਜੂਨ
ਸੀਟੀਯੂ ਪੰਜਾਬ ਦੇ ਬੈਨਰ ਹੇਠ ਲਾਲ ਝੰਡਾ ਬਜਾਜ ਸਨਜ਼ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਤੇਜ਼ ਕਰਨ ਦਾ ਐਲਾਨ ਕਰਦਿਆਂ 24 ਜੂਨ ਤੋਂ ਇੱਕ ਹਫ਼ਤੇ ਲਈ ਮਜ਼ਦੂਰਾਂ ਦੀਆਂ ਬੁਨਿਆਦੀ ਤੇ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਲਈ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਇੱਥੇ ਸੀਟੀਯੂ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਜਗਦੀਸ਼ ਚੰਦ ਦੀ ਅਗਵਾਈ ਵਿੱਚ ਹੋਈ ਕਨਵੈਨਸ਼ਨ ਦੌਰਾਨ ਕਾਮਰੇਡ ਜਗਦੀਸ਼ ਚੰਦ ਨੇ ਕਿਹਾ ਕਿ ਅੱਜ ਮਜ਼ਦੂਰ ਜਮਾਤ ਵੱਡੀਆਂ ਔਕੜਾਂ ਵਿੱਚੋਂ ਗੁਜ਼ਰ ਰਹੀ ਹੈ ਜਦਕਿ ਕੇਂਦਰ ਅਤੇ ਪੰਜਾਬ ਸਰਕਾਰ ਮਜ਼ਦੂਰ ਮਾਰੂ ਨੀਤੀਆਂ ਦਾ ਰਾਹ ਅਪਣਾ ਕੇ ਉਨ੍ਹਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਮਜ਼ਦੂਰ ਜਮਾਤ ਵੱਲੋਂ ਵੱਡੀ ਜੱਦੋਜਹਿਦ ਤੋਂ ਬਾਅਦ ਪ੍ਰਾਪਤ ਕੀਤੇ 44 ਕਾਨੂੰਨਾਂ ਨੂੰ ਤੋੜ ਕੇ 4 ਕੋਡ ਬਿੱਲ ਲਾਗੂ ਕਰਨ ਦਾ ਐਲਾਨ ਕਰ ਚੁੱਕੀ ਹੈ ਜਿਸ ਨੂੰ ਮਜ਼ਦੂਰ ਜਮਾਤ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ।
ਉਨਾਂ ਮੰਗ ਕੀਤੀ ਕਿ ਮਜ਼ਦੂਰ ਜਮਾਤ ਦੀ ਤਨਖਾਹ 26 ਹਜ਼ਾਰ ਰੁਪਏ ਕੀਤੀ ਜਾਵੇ, ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਸਰਕਾਰ ਵੱਲੋਂ ਨਿੱਜੀਕਰਨ ’ਤੇ ਰੋਕ ਲਗਾਈ ਜਾਵੇ, ਪੰਜਾਬ ਸਰਕਾਰ ਮਜ਼ਦੂਰ ਦੀ ਦਿਹਾੜੀ 12 ਘੰਟੇ ਕਰਨ ਦੇ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰੇ।
ਇਸ ਮੌਕੇ ਕਾਮਰੇਡ ਦੇਵਰਾਜ ਅਤੇ ਕਾਮਰੇਡ ਪਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ 12 ਸਾਲ ਤੋਂ ਰੁਕੀਆਂ ਘੱਟੋ ਘੱਟ ਉਜ਼ਰਤਾਂ ਸੋਧਣ ਲਈ ਕਾਰਵਾਈ ਕਰੇ ਅਤੇ ਮਹਿਗਾਈ ਭੱਤੇ ਦੀਆਂ ਕਿਸ਼ਤਾਂ ਜਲਦੀ ਜਾਰੀ ਕਰੇ ਨਹੀਂ ਤਾਂ ਜਥੇਬੰਦੀ ਜ਼ੋਰਦਾਰ ਸੰਘਰਸ਼ ਵਿੱਢੇਗੀ। ਇਸ ਮੌਕੇ ਅਬਦੇਸ਼ ਪਾਂਡੇ, ਰਾਮ ਧਨੀ, ਤਹਿਸੀਲਦਾਰ, ਸੁਦੇਸ਼ਵਰ ਤਿਵਾੜੀ, ਅਜੀਤ ਕੁਮਾਰ, ਅਮਰਦੀਪ, ਹਰਜੀਤ ਸਿੰਘ, ਸੁਨੀਲ ਗਿਰੀ, ਫੂਲ ਬਦਨ, ਮੁਕੇਸ਼ ਕੁਮਾਰ ਅਤੇ ਜੋਰਾ ਸਿੰਘ ਨੇ ਵੀ ਸੰਬੋਧਨ ਕੀਤਾ।