ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਤੋਂ ਕਿਉਂ ਡਰਦੀ ਹੈ ਭਾਜਪਾ: ਬਾਜਵਾ

07:48 AM Dec 13, 2024 IST

ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਚੰਡੀਗੜ੍ਹ/ਕਾਦੀਆਂ, 12 ਦਸੰਬਰ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਤੋਂ ਡਰ ਕਿਉਂ ਰਹੀ ਹੈ। ਹਰਿਆਣਾ ਦੀ ਭਾਜਪਾ ਸਰਕਾਰ ਨੇ ਕੇਂਦਰ ਸਰਕਾਰ ਦੇ ਨਿਰਦੇਸ਼ਾਂ ’ਤੇ ਨਿਹੱਥੇ ਤੇ ਸ਼ਾਂਤਮਈ ਢੰਗ ਨਾਲ ਮਾਰਚ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਤੋਪਾਂ ਦਾਗ਼ੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਮੰਨਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੂੰ ਖਤਮ ਕਰਵਾਉਣਾ ਚਾਹੀਦਾ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਜੇ ਇਸ ਸਬੰਧੀ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਭਾਜਪਾ ਸਰਕਾਰ ਜ਼ਿੰਮੇਵਾਰ ਹੋਵੇਗੀ।

Advertisement

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰੇ: ਮਜੀਠੀਆ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕਰੇ। ਉਨ੍ਹਾਂ ਕਿਹਾ ਸਰਕਾਰ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਅੰਸ਼ ਪਿਛਲੇ ਦਰਵਾਜ਼ੇ ਰਾਹੀਂ ਮੁੜ ਤੋਂ ਲਾਗੂ ਕਰਨ ਦਾ ਯਤਨ ਨਾ ਕਰੇ। ਉਨ੍ਹਾਂ ਪੰਜਾਬ ਵਿਚ ਅਕਾਲੀ ਏਕਤਾ ਨੂੰ ਸਮੇਂ ਦੀ ਵੱਡੀ ਲੋੜ ਦੱਸਿਆ ਹੈ। ਉਹ ਅੱਜ ਇੱਥੇ ਅਕਾਲ ਤਖਤ ਵਲੋਂ ਲੱਗੀ ਤਨਖਾਹ ਨੂੰ ਮੁਕੰਮਲ ਕਰਨ ਮਗਰੋਂ ਖਿਮਾ ਯਾਚਨਾ ਦੀ ਅਰਦਾਸ ਕਰਨ ਲਈ ਪੁੱਜੇ ਸਨ।

ਜਥੇਦਾਰ ਰਘਬੀਰ ਸਿੰਘ ਅਤੇ ਧਾਮੀ ਨੇ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਪ੍ਰਗਟਾਈ

ਅੰਮ੍ਰਿਤਸਰ (ਟਨਸ): ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਸਾਨੀ ਹੱਕਾਂ ਪ੍ਰਤੀ ਸਰਕਾਰਾਂ ਦੀ ਬੇਰੁਖੀ ਅਤੇ ਅੜੀਅਲ ਰਵੱਈਏ ਖ਼ਿਲਾਫ਼ ਮਰਨ-ਵਰਤ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹੋ ਰਹੀ ਸਿਹਤ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਤੁਰੰਤ ਕਿਸਾਨੀ ਹੱਕ ਦੇਣ ਲਈ ਅਮਲੀ ਕਾਰਵਾਈ ਕਰਨ। ਉਨ੍ਹਾਂ ਆਖਿਆ ਕਿ ਬੇਸ਼ੱਕ ਮਰਨ ਵਰਤ ਅਤੇ ਭੁੱਖ ਹੜਤਾਲ ਵਰਗਾ ਸਿੱਖ ਪਰੰਪਰਾ ਵਿਚ ਕੋਈ ਸੰਕਲਪ ਨਹੀਂ ਹੈ ਪਰ ਇਕ ਜਮਹੂਰੀਅਤ ਸਰਕਾਰ ਲਈ ਇਹ ਬੇਹੱਦ ਸ਼ਰਮਨਾਕ ਹੈ ਕਿ ਲੋਕਤੰਤਰ ’ਚ ਅੰਨਦਾਤਾ ਨੂੰ ਆਪਣੇ ਹੱਕ ਲੈਣ ਲਈ ਅੰਨ ਛੱਡਣ ਲਈ ਮਜਬੂਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸਾਲ 2020 ’ਚ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਨੂੰ ਸਮਾਪਤ ਕਰਵਾਉਣ ਵੇਲੇ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੇ ਵਾਅਦੇ ਕੀਤੇ ਸਨ ਪਰ ਅਫਸੋਸ ਚਾਰ ਸਾਲ ਬੀਤਣ ’ਤੇ ਵੀ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ, ਸਗੋਂ ਦੇਸ਼ ਦੇ ਅੰਨਦਾਤਾ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਚਾਹੀਦਾ ਹੈ ਕਿ ਉਹ ਮਰਨ ਵਰਤ ਜਾਂ ਭੁੱਖ ਹੜਤਾਲ ਵਾਲੇ ਰਾਹ ਤੋਂ ਇਲਾਵਾ ਸੰਘਰਸ਼ ਦੇ ਹੋਰ ਰਾਹ ਅਖਤਿਆਰ ਕਰਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ’ਤੇ ਚਿੰਤਾ ਪ੍ਰਗਟ ਕੀਤੀ ਹੈ।

Advertisement

ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰੇ: ਪ੍ਰਗਤੀਸ਼ੀਲ ਲੇਖਕ ਸੰਘ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਉਹ ਕਿਸਾਨੀ ਮਸਲਿਆਂ ਦੇ ਹੱਲ ਲਈ ਤੁਰੰਤ ਕਿਸਾਨ ਜਥੇਬੰਦੀਆਂ ਨਾਲ ਗੱਲ ਕਰੇ। ਸੰਘ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪੰਜਾਬ ਪ੍ਰਧਾਨ ਸੁਰਜੀਤ ਜੱਜ, ਪੰਜਾਬ ਦੇ ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਦੀਪ, ਉੱਘੇ ਚਿੰਤਕ ਸਵਰਾਜਬੀਰ, ਗਲਪਕਾਰ ਕਿਰਪਾਲ ਕਜ਼ਾਕ, ਪੰਜਾਬੀ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਡਾ. ਪਾਲ ਕੌਰ, ਡਾ. ਗੁਲਜਾਰ ਪੰਧੇਰ, ਡਾ. ਅਨੂਪ ਸਿੰਘ, ਪ੍ਰੋ. ਬਲਦੇਵ ਬੱਲੀ, ਡਾ. ਅਰਵਿੰਦਰ ਕਾਕੜਾ ਤੇ ਜਸਪਾਲ ਮਾਨਖੇੜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਕੇਂਦਰ ਦੇ ਨਾਲ ਗੱਲਬਾਤ ਕਰਕੇ ਇਸ ਮਸਲੇ ਦੇ ਹੱਲ ਲਈ ਰਾਹ ਪੱਧਰਾ ਕਰੇ।

Advertisement