For the best experience, open
https://m.punjabitribuneonline.com
on your mobile browser.
Advertisement

ਹਰਸਿਮਰਤ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਭਗਵੰਤ ਮਾਨ

07:09 AM Jan 19, 2024 IST
ਹਰਸਿਮਰਤ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ  ਭਗਵੰਤ ਮਾਨ
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 18 ਜਨਵਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਗੁਰੂ ਨਾਨਕ ਦੇਵ ਨਾਲ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਨਿਸ਼ਾਨਾ ਸੇਧਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਚੁੱਪ ਕਿਉਂ ਧਾਰ ਲਈ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੀ ਇਸ ਮੁੱਦੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਮੋਰਚਾ ਖੋਲ੍ਹਿਆ ਸੀ। ਚੇਤੇ ਰਹੇ ਕਿ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਾਘੀ ਮੇਲੇ ਦੀ ਕਾਨਫਰੰਸ ’ਤੇ ਇਹ ਤੁਲਨਾ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦੀ ਅਜਿਹੀ ਗੈਰ-ਜ਼ਿੰਮੇਵਾਰਾਨਾ ਟਿੱਪਣੀ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਬਾਦਲ ਦੀ ਗਲਤੀ ਨੂੰ ਅਣਗੌਲਿਆਂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਾਮੀ ਦੀ ਇਸ ਚੁੱਪ ਤੋਂ ਸਾਫ ਜਾਪਦਾ ਹੈ ਕਿ ਉਹ ਬਾਦਲ ਪਰਿਵਾਰ ਦੇ ਇੱਕ ਵਫਾਦਾਰ ਵਾਲੰਟੀਅਰ ਤੋਂ ਵੱਧ ਕੁੱਝ ਨਹੀਂ ਹਨ। ਸ੍ਰੀ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚਿਤਾਵਨੀ ਦਿੱਤੀ ਕਿ ਸਿੱਖ ਸੰਗਤ ਉਨ੍ਹਾਂ ਨੂੰ ਬਾਦਲ ਪਰਿਵਾਰ ਨੂੰ ਖੁਸ਼ ਕਰਨ ਵਾਲੀ ਨੀਤੀ ਲਈ ਮੁਆਫ ਨਹੀਂ ਕਰੇਗੀ ਅਤੇ ਢੁਕਵਾਂ ਸਬਕ ਸਿਖਾਏਗੀ। ਮੁੱਖ ਮੰਤਰੀ ਨੇ ਧਾਮੀ ਨੂੰ ਚੁਣੌਤੀ ਦਿੱਤੀ ਕਿ ਉਹ ਮੀਡੀਆ ਸਾਹਮਣੇ ਆਉਣ। ਉਨ੍ਹਾਂ ਕਿਹਾ ਕਿ ਇਸ ਸਮੁੱਚੇ ਮਸਲੇ ’ਤੇ ਧਾਮੀ ਦੀ ਗੁੱਝੀ ਚੁੱਪ ਤੋਂ ਸਾਫ ਹੋ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਹੱਥਾਂ ਵਿੱਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀਆਂ ਕਾਰਵਾਈਆਂ ਪੂਰੀ ਤਰ੍ਹਾਂ ਸਿੱਖੀ ਰਹਿਤ ਮਰਿਆਦਾ ਦੇ ਉਲਟ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਨ੍ਹਾਂ ਵਿੱਚ ਕੁੱਝ ਗਲਤ ਨਜ਼ਰ ਨਹੀਂ ਆਉਂਦਾ। ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਿਛਲੇ ਸਮੇਂ ਵਿੱਚ ਉਨ੍ਹਾਂ (ਮੁੱਖ ਮੰਤਰੀ) ’ਤੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖਲ ਦੇਣ ਦਾ ਦੋਸ਼ ਲਾਉਂਦੀ ਰਹੀ ਹੈ ਪਰ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦੇ ਹੱਥਠੋਕੇ ਵਜੋਂ ਕੰਮ ਕਰ ਰਹੀ ਹੈ।

Advertisement

ਭਗਵੰਤ ਮਾਨ ਅਤੇ ਕੇਜਰੀਵਾਲ ਤਿੰਨ ਦਿਨਾ ਦੌਰੇ ’ਤੇ ਗੋਆ ਪੁੱਜੇ

ਪਣਜੀ: ਆਉਂਦੀਆਂ ਲੋਕ ਸਭਾ ਚੋਣਾਂ ’ਚ ‘ਆਪ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿੰਨ ਦਿਨਾਂ ਦੌਰੇ ’ਤੇ ਅੱਜ ਗੋਆ ਪੁੱਜ ਗਏ ਹਨ। ਦੋਵੇਂ ਆਗੂ ਸ਼ਾਮ ਸੱਤ ਵਜੇ ਮੋਪਾ ’ਚ ਮਨੋਹਰ ਇੰਟਰਨੈਸ਼ਨਲ ਹਵਾਈ ਅੱਡੇ ’ਤੇ ਪਹੁੰਚੇ ਅਤੇ ਫਿਰ ਪਣਜੀ ਲਈ ਰਵਾਨਾ ਹੋ ਗਏ। ‘ਆਪ’ ਦੇ ਗੋਆ ਵਿਧਾਨ ਸਭਾ ’ਚ ਦੋ ਵਿਧਾਇਕ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਗੁਜਰਾਤ ’ਚ ਪਾਰਟੀ ਆਗੂਆਂ ਅਤੇ ਵਰਕਰਾਂ ਦੀਆਂ ਮੁਸ਼ਕਲਾਂ ਸੁਣੀਆਂ ਸਨ ਅਤੇ ਹੁਣ ਉਹ ਗੋਆ ’ਚ ਪਾਰਟੀ ਦੀ ਮਜ਼ਬੂਤੀ ਲਈ ਆਏ ਹਨ। -ਪੀਟੀਆਈ

Advertisement

Advertisement
Author Image

sukhwinder singh

View all posts

Advertisement