ਮਾਈਨਿੰਗ ਖੇਤਰ ਦੀਆਂ ਵਾਤਾਵਰਨ ਪ੍ਰਵਾਨਗੀਆਂ ਨੂੰ ਸੁਖਾਲਾ ਕਰਾਂਗੇ: ਗੋਇਲ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਾਰਚ
ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਾਈਨਿੰਗ ਦੇ ਕਾਰੋਬਾਰ ਨੂੰ ਹੋਰ ਵਿਕਸਿਤ ਕਰਨ ਲਈ ਵਾਤਾਵਰਨ ਸਬੰਧੀ ਪ੍ਰਵਾਨਗੀਆਂ ਨੂੰ ਸੁਖਾਲਾ ਕੀਤਾ ਜਾਵੇਗਾ। ਇਹ ਪ੍ਰਕਿਰਿਆ ਸੌਖੀ ਹੋਣ ਨਾਲ ਸੂਬਾ ਵਾਸੀਆਂ ਲਈ ਖਣਨ ਸਮੱਗਰੀ ਆਸਾਨੀ ਨਾਲ ਉਪਲਬਧ ਹੋਵੇਗੀ। ਉਨ੍ਹਾਂ ਨੇ ਰਾਜ ਵਾਤਾਵਰਨ ਪ੍ਰਭਾਵ ਮੁਲਾਂਕਣ ਅਥਾਰਿਟੀ (ਸੀਈਆਈਏਏ), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸਾਨਾਂ ਅਤੇ ਭੱਠਾ ਮਾਲਕਾਂ ਦਾ ਸਮਾਂ ਬਰਬਾਦ ਕਰਨ ਵਾਲੀਆਂ ਸਾਰੀਆਂ ਬੇਲੋੜੀਆਂ ਸ਼ਰਤਾਂ ਖ਼ਤਮ ਕੀਤੀਆਂ ਜਾਣ। ਸ੍ਰੀ ਗੋਇਲ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵਿੱਚੋਂ ਮਿੱਟੀ ਚੁਕਾਉਣ ਲਈ ਤਿੰਨਾਂ ਵਿਭਾਗਾਂ ਤੋਂ ਵਾਤਾਵਰਨ ਸਬੰਧੀ ਪ੍ਰਵਾਨਗੀਆਂ ਲੈਣੀਆਂ ਪੈਂਦੀਆਂ ਹਨ, ਜਿਸ ਕਰਕੇ ਉਨ੍ਹਾਂ ਨੂੰ ਖੱਜਲ-ਖੁਆਰੀ ਝੱਲਣੀ ਪੈਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਆਪਣੇ ਖੇਤ ਪੱਧਰੇ ਕਰਨ ਜਾਂ ਖੇਤਾਂ ਵਿੱਚੋਂ ਮਿੱਟੀ ਚੁਕਾਉਣ ਲਈ ਫ਼ਸਲ ਦੀ ਕਟਾਈ ਤੋਂ ਪਹਿਲਾਂ-ਪਹਿਲਾਂ ਵਾਤਾਵਰਨ ਸਬੰਧੀ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਕਿ ਉਹ ਫ਼ਸਲ ਕਟਾਈ ਤੋਂ ਬਾਅਦ ਮਿੱਟੀ ਚੁਕਵਾ ਸਕਣ ਜਾਂ ਖੇਤ ਨੂੰ ਪੱਧਰਾ ਕਰ ਸਕਣ ਅਤੇ ਸਮੇਂ ਸਿਰ ਅਗਲੀ ਫ਼ਸਲ ਬੀਜ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਨੇੜੇ-ਤੇੜੇ ਮਿੱਟੀ ਦੀ ਉਪਲਬਧਤਾ ਨਾਲ ਸੂਬੇ ਦੇ ਭੱਠਾ ਉਦਯੋਗ ਨੂੰ ਵੀ ਪ੍ਰਫੁੱਲਿਤ ਕੀਤਾ ਜਾ ਸਕੇਗਾ। ਇਸ ਫ਼ੈਸਲੇ ਨਾਲ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ਇੱਟਾਂ ਮੁਹੱਈਆ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਸਕੇਗਾ।