ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕਰਾਂਗੇ: ਸੌਂਦ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 6 ਮਾਰਚ
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਦਾ ਇਲਾਜ ਕਰਵਾ ਕੇ ਉਸ ਨੂੰ ਸਿਹਤਮੰਦ ਸਮਾਜ ਦਾ ਹਿੱਸਾ ਬਣਾਇਆ ਜਾਵੇਗਾ। ਉਹ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰੇਕ ਵਰਗ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਵਿੱਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਸਿਖਲਾਈ ਉਪਰੰਤ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਦਿਵਾ ਕੇ ਸਵੈ-ਰੁਜ਼ਗਾਰ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਤਸਕਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ। ਇਸ ਤੋਂ ਪਹਿਲਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਸ਼ਹਿਰੀ ਖੇਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਵਾਉਣ ਲਈ ਕਿਹਾ। ਉਨ੍ਹਾਂ ਡਰੱਗ ਵਿਭਾਗ ਦੇ ਅਧਿਕਾਰੀਆਂ ਤੋਂ ਹੁਣ ਤੱਕ ਮੈਡੀਕਲ ਸਟੋਰਾਂ ਦੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਵਾਉਣ ਬਾਰੇ ਵੀ ਹਦਾਇਤ ਕੀਤੀ। ਉਨ੍ਹਾਂ ਪੰਚਾਇਤ ਵਿਭਾਗ ਨੂੰ ਕਿਹਾ ਕਿ ਪਿੰਡਾਂ ਵਿੱਚ ਜਾਗਰੂਕਤਾ ਨਾਟਕ ਕਰਵਾਏ ਜਾਣ। ਹਰੇਕ ਸਕੂਲ ਅਤੇ ਜਨਤਕ ਥਾਵਾਂ ’ਤੇ ਜਾਗਰੂਕਤਾ ਬੋਰਡ ਲਗਾਏ ਜਾਣ।
ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਪੇਸ਼ ਕੀਤਾ। ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਨੇ 18 ਮਾਮਲਿਆਂ ਨਾਲ ਸਬੰਧਤ ਮੁਲਜ਼ਮਾਂ ਦੀ 13.3 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਮੌਕੇ ਵਿਧਾਇਕ ਡਾਕਟਰ ਜਮੀਲ-ਉਰ-ਰਹਿਮਾਨ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਸੁਖਪ੍ਰੀਤ ਸਿੰਘ ਸਿੱਧੂ ਤੇ ਨਵਦੀਪ ਕੌਰ ਦੋਵੇਂ ਏਡੀਸੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕਮਿਸ਼ਨਰ ਵੱਲੋਂ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ
ਸੰਗਰੂਰ (ਗੁਰਦੀਪ ਸਿੰਘ ਲਾਲੀ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਅੱਜ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਘਾਬਦਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜ਼ੇਰੇ ਇਲਾਜ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਜਾਇਜ਼ਾ ਲਿਆ। ਡਿਵੀਜ਼ਨਲ ਕਮਿਸ਼ਨਰ ਨੇ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਥੋਂ ਇਲਾਜ ਕਰਵਾਉਣ ਮਗਰੋਂ ਭਵਿੱਖ ਵਿੱਚ ਕਦੇ ਵੀ ਨਸ਼ਿਆਂ ਦੀ ਦਲਦਲ ਵਿੱਚ ਨਾ ਫਸਣ ਲਈ ਪ੍ਰੇਰਿਆ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਐਸ.ਪੀ ਨਵਰੀਤ ਸਿੰਘ ਵਿਰਕ ਸਮੇਤ ਘਾਬਦਾਂ ਦੇ ਇਸ ਕੇਂਦਰ ਦਾ ਦੌਰਾ ਕਰਦਿਆਂ ਡਵੀਜ਼ਨਲ ਕਮਿਸ਼ਨਰ ਨੇ ਮਰੀਜ਼ਾਂ ਨੂੰ ਕਿਹਾ ਕਿ ਜੀਵਨ ਪ੍ਰਤੀ ਸਾਕਾਰਾਤਮਕ ਸੋਚ ਅਪਣਾ ਕੇ ਕੋਈ ਵੀ ਇਨਸਾਨ ਨਸ਼ਿਆਂ ਜਿਹੀਆਂ ਮਾਰੂ ਆਦਤਾਂ ਤੋਂ ਮੁਕੰਮਲ ਤੌਰ ’ਤੇ ਛੁਟਕਾਰਾ ਪਾ ਸਕਦਾ ਹੈ।ਡਿਪਟੀ ਕਮਿਸ਼ਨਰ ਵੱਲੋਂ ਓਟ ਕਲੀਨਿਕ ਦੀ ਚੈਕਿੰਗ
ਪਟਿਆਲਾ (ਸਰਬਜੀਤ ਸਿੰਘ ਭੰਗੂ): ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਅਚਨਚੇਤ ਕਮਿਊਨਿਟੀ ਹੈਲਥ ਸੈਂਟਰ ਤ੍ਰਿਪੜੀ ਵਿੱਚ ਬਣੇ ਓਟ ਕਲੀਨਿਕ ਦਾ ਦੌਰਾ ਕੀਤਾ। ਇਸ ਦੌਰਾਨ ਨਸ਼ਾ ਛੱਡਣ ਦੀ ਦਵਾਈ ਲੈਣ ਆਏ ਮਰੀਜ਼ਾਂ ਤੋਂ ਦਵਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਨਾਲ ਹੀ ਉਨ੍ਹਾਂ ਡਾਕਟਰ ਅਤੇ ਕਾਊਂਸਲਰ ਤੋਂ ਵੀ ਦਵਾਈਆਂ ਤੇ ਹੋਰ ਲੋੜੀਂਦੇ ਸਾਮਾਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।