ਖਰਾਬ ਫ਼ਸਲਾਂ ਦਾ ਢੁਕਵਾਂ ਮੁਆਵਜ਼ਾ ਦੇਵਾਂਗੇ: ਨਾਇਬ ਸੈਣੀ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 16 ਜੁਲਾਈ
ਲੋਕ ਸਭਾ ਹਲਕਾ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹੜ੍ਹ ਦੇ ਪਾਣੀ ਵਿੱਚ ਫਸੇ ਲੋਕ ਜਿੱਥੇ ਮਦਦ ਦੀ ਅਪੀਲ ਕਰ ਰਹੇ ਹਨ, ਉਥੇ ਹੀ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਤੇ ਰਣਦੀਪ ਸਿੰਘ ਸੁਰਜੇਵਾਲਾ ਲੋਕਾਂ ਦੀ ਮਦਦ ਕਰਨ ਦੀ ਬਜਾਏ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਸਮੇਂ ਸਿਆਸਤ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਸਰਕਾਰ ਤੇ ਪ੍ਰਸ਼ਾਸਨ ਨਾਲ ਮਿਲ ਕੇ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਸੰਸਦ ਨਾਇਬ ਸਿੰਘ ਸੈਣੀ ਦੇਰ ਸ਼ਾਮ ਸ਼ਾਹਬਾਦ ਵਿਚ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਅਧਿਕਾਰੀਆਂ ਦੀ ਇਕ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੜ੍ਹ ਆਉਣ ਮਗਰੋਂ ਮੁੱਖ ਮੰਤਰੀ, ਮੰਤਰੀ, ਸੰਸਦ ਮੈਂਬਰ ਤੇ ਵਿਧਾਇਕਾਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਫੀਲਡ ਵਿਚ ਰਹਿ ਕੇ ਕੰਮ ਕਰ ਰਹੇ ਹਨ। ਇਸ ਦੌਰਾਨ ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਰੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਬਰਸਾਤੀ ਪਾਣੀ ਨਾਲ ਖਰਾਬ ਫਸਲਾਂ ਤੇ ਲੋਕਾਂ ਦੇ ਜਾਨ ਮਾਲ ਦੇ ਨੁਕਸਾਨ ਦਾ ਜਲਦ ਜਾਇਜ਼ਾ ਲੈ ਕੇ ਰਿਪੋਰਟ ਸਰਕਾਰ ਕੋਲ ਭੇਜਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਤੇ ਆਮ ਨਾਗਰਿਕਾਂ ਨੂੰ ਖਰਾਬੇ ਦਾ ਸਹੀ ਮੁਅਵਜ਼ਾ ਦਿੱਤਾ ਜਾਏਗਾ। ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਭਾਜਪਾ ਕਾਰਕੁਨ ਐਕਟਿਵ ਹਨ। ਪਾਣੀ ਦੇ ਵਿਚ ਜਾ ਕੇ ਲੋਕਾਂ ਨੂੰ ਭੋਜਨ, ਪੀਣ ਵਾਲਾ ਪਾਣੀ, ਦਵਾਈਆਂ ਪਹੁੰਚਾਉਣ ਦਾ ਕੰਮ ਕਰ ਰਹੇ ਹਨ।