For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਚੱਬੇਵਾਲ ਖ਼ਿਲਾਫ਼ ਹਾਈ ਕੋਰਟ ਜਾਵਾਂਗਾ: ਬਾਜਵਾ

08:51 AM Mar 21, 2024 IST
ਵਿਧਾਇਕ ਚੱਬੇਵਾਲ ਖ਼ਿਲਾਫ਼ ਹਾਈ ਕੋਰਟ ਜਾਵਾਂਗਾ  ਬਾਜਵਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਾਰਚ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਾਲ ਹੀ ਵਿੱਚ ਆਮ ਆਦਮੀ ਵਿੱਚ ਸ਼ਾਮਲ ਹੋਏ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਖ਼ਿਲਾਫ਼ ਜਾਅਲੀ ਸਰਕਾਰੀ ਦਸਤਾਵੇਜ਼ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਇੱਥੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਡਾ. ਚੱਬੇਵਾਲ ਨੇ 4601 ਪਰਿਵਾਰਾਂ ਨੂੰ ਕਰੋੜਾਂ ਰੁਪਏ ਦੀਆਂ ਸਰਕਾਰੀ ਗ੍ਰਾਂਟਾਂ ਵੰਡਣ ਸਬੰਧੀ ਜਾਅਲੀ ਦਸਤਾਵੇਜ਼ ਤਿਆਰ ਕੀਤੇ ਸਨ ਅਤੇ ‘ਆਪ’ ਸਰਕਾਰ ਵੱਲੋਂ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਈ ਗਈ ਸੀ। ਚੱਬੇਵਾਲ ਜ਼ਮਾਨਤ ’ਤੇ ਸਨ ਜਿਸ ਦੀ ਮਿਆਦ 18 ਮਾਰਚ ਨੂੰ ਖ਼ਤਮ ਹੋਣੀ ਸੀ। ਚੱਬੇਵਾਲ ਨੂੰ 18 ਮਾਰਚ ਤੋਂ ਮਗਰੋਂ ਗ੍ਰਿਫਤਾਰ ਹੋਣ ਦਾ ਡਰ ਸੀ ਅਤੇ ਇਸੇ ਕਰਕੇ ਉਹ ਆਪਣੀ ਜ਼ਮਾਨਤ ਦੀ ਮਿਆਦ ਖ਼ਤਮ ਹੋਣ ਤੋਂ ਦੋ ਦਿਨ ਪਹਿਲਾਂ ‘ਆਪ’ ਵਿਚ ਸ਼ਾਮਲ ਹੋ ਗਿਆ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੌਰਾਨ ‘ਆਪ’ ਸਰਕਾਰ ਨੇ ਉਨ੍ਹਾਂ ਦੀ ਜਾਅਲਸਾਜ਼ੀ ਨੂੰ ਜਾਇਜ਼ ਠਹਿਰਾਉਣ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਸੀ। ਉਨ੍ਹਾਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਬੇਲੋੜੀ ਪ੍ਰੇਸ਼ਾਨੀ ਦੇਣ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੂਰਾ ਪੰਜਾਬ ਸਿੱਧੂ ਪਰਿਵਾਰ ਵਿੱਚ ਨਵੇਂ ਮੈਂਬਰ ਦੇ ਆਉਣ ਦਾ ਸਵਾਗਤ ਕਰ ਰਿਹਾ ਹੈ, ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਬੱਚੇ ਦੇ ਜਨਮ ਬਾਰੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਹਨ, ਜੋ ਕਿ ਨਿੰਦਣਯੋਗ ਹੈ। ਬਾਜਵਾ ਨੇ ਕਿਹਾ ਕਿ ਅਜਿਹਾ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਨਿਰਦੇਸ਼ਾਂ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਐਤਕੀਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਆਖਰੀ ਗੇੜ ਵਿੱਚ ਹੋਣ ’ਤੇ ਵੀ ਖਦਸ਼ੇ ਜ਼ਾਹਿਰ ਕੀਤੇ। ਉਨ੍ਹਾਂ ਕਿਹਾ ਕਿ ਆਖਰੀ ਗੇੜ ਵਿੱਚ ਭਾਜਪਾ ਆਪਣੀ ਪੂਰੀ ਤਾਕਤ ਪੰਜਾਬ ਤੇ ਹਰਿਆਣਾ ਵਿਚ ਝੋਕੇਗੀ ਅਤੇ ਉਹ ਇਥੇ ਗੜਬੜ ਵੀ ਕਰਵਾ ਸਕਦੀ ਹੈ।

Advertisement

ਹਰਪਾਲ ਚੀਮਾ ਅਸਤੀਫਾ ਦੇਣ : ਬਾਜਵਾ

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕੇ ਦਿੜ੍ਹਬਾ ਵਿੱਚ ਨਾਜਾਇਜ਼ ਸ਼ਰਾਬ ਪੀਣ ਨਾਲ ਲਗਪਗ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਦੇ ਵਿਧਾਨ ਸਭਾ ਖੇਤਰ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ। ਬਾਜਵਾ ਨੇ ਕਿਹਾ ਕਿ ਚੀਮਾ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਪ੍ਰਭਾਵ ਨਾਲ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

Advertisement
Author Image

joginder kumar

View all posts

Advertisement
Advertisement
×