ਅੰਮ੍ਰਿਤਪਾਲ ਦੀ ਰਿਹਾਈ ਲਈ ਸ਼ਾਹ ਨਾਲ ਮੁਲਾਕਾਤ ਕਰਾਂਗਾ: ਸਰਬਜੀਤ ਸਿੰਘ ਖਾਲਸਾ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਜੁਲਾਈ
ਸਾਹਨੇਵਾਲ ਦੇ ਇਤਿਹਾਸਕ ਗੁਰਦੁਆਰਾ ਰੇਰੂ ਸਾਹਿਬ ਵਿਖੇ ਅੱਜ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਪੁੱਜੇ। ਇਸ ਦੌਰਾਨ ਇਲਾਕੇ ਦੀ ਸੰਗਤ ਵੱਲੋਂ ਦੋਵਾਂ ਦਾ ਸਨਮਾਨ ਕੀਤਾ ਗਿਆ। ਸੰਗਤ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਹ ਉਨ੍ਹਾਂ ਕੋਲ ਮੰਗ ਰੱਖਣਗੇ ਕਿ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਲੋਕਾਂ ਨੇ ਫਤਵਾ ਦਿੱਤਾ ਸੀ ਜਿਸ ਨੂੰ ਸਰਕਾਰ ਨਜ਼ਰਅੰਦਾਜ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਉਹ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਲਈ ਫਾਸੀ ਦੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਐਮਐੱਸਪੀ ’ਤੇ ਖਰੀਦ ਸਬੰਧੀ ਗਾਰੰਟੀ ਕਾਨੂੰਨ ਬਣਾਇਆ ਜਾਵੇ। ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਆਮ ਲੋਕ ਚਾਹੁੰਦੇ ਹਨ ਕਿ ਹੁਣ ਅੰਮ੍ਰਿਤਪਾਲ ਨੂੰ ਸਰਕਾਰ ਰਿਹਾਅ ਕਰੇ। ਲੋਕਾਂ ਨੇ ਉਸ ਦੇ ਪੁੱਤ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਇਸ ਲਈ ਸਰਕਾਰ ਨੂੰ ਰਿਹਾਅ ਕਰਨਾ ਚਾਹੀਦਾ ਹੈ ਤਾਂ ਕਿ ਉਹ ਲੋਕਾਂ ਦੀ ਸੇਵਾ ਕਰ ਸਕੇ। ਇਸ ਮੌਕੇ ਉਨ੍ਹਾਂ ਕਈ ਸਿੱਖ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ।