ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਆਂਗੇ: ਸੰਧਵਾਂ
ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 13 ਮਾਰਚ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਘਰ ’ਚ ਦਰਬਾਰ ਲਾ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਵੱਡੀ ਗਿਣਤੀ ਸਮੱਸਿਆਵਾਂ ਦਾ ਮੌਕੇ ’ਤੇ ਨਿਬੇੜਾ ਕੀਤਾ ਗਿਆ ਜਦਕਿ ਕੁਝ ਸਮੱਸਿਆਵਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ। ਸ੍ਰੀ ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਸਰਕਾਰੀ ਸਹੂਲਤਾਂ ਲੈਣ ਵਿੱਚ ਕੋਈ ਪ੍ਰੇਸ਼ਾਨੀ ਆਉਂਦੀ ਹੈ ਜਾਂ ਸਰਕਾਰੀ ਦਫ਼ਤਰ ਵਿੱਚ ਉਹ ਖੁਆਰ ਹੁੰਦੇ ਹਨ ਤਾਂ ਬਿਨਾਂ ਝਿਜਕ ਉਨ੍ਹਾਂ ਦੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਆਪਣੀ ਸਮੱਸਿਆ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦੇਵੇਗੀ। ਲੋਕ ਦਰਬਾਰ ਵਿੱਚ ਮੌਜੂਦ ਅਧਿਕਾਰੀਆਂ ਨੂੰ ਵੀ ਉਨ੍ਹਾਂ ਨੇ ਹਦਾਇਤਾਂ ਕੀਤੀਆਂ ਕਿ ਉਹ ਦਫ਼ਤਰਾਂ ਵਿੱਚ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਏ ਗਏ ਯੁਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਅੱਗੇ ਆ ਕੇ ਹਿੱਸਾ ਲੈਣ ਅਤੇ ਆਪੋ- ਆਪਣੇ ਖੇਤਰ ਵਿੱਚ ਨਸ਼ਾ ਵੇਚਣ ਵਾਲਿਆਂ ਦੇ ਨਾਮ ਪੁਲੀਸ ਨਾਲ ਸਾਂਝੇ ਕਰਨ ਤਾਂ ਕਿ ਨਸ਼ੇ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆਂ ਨਹੀਂ ਜਾਵੇਗਾ। ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ, ਸੁਖਵਿੰਦਰ ਸਿੰਘ ਧਾਲੀਵਾਲ, ਮਨਪ੍ਰੀਤ ਸਿੰਘ ਮਨੀ, ਗੁਰਸੇਵਕ ਸਿੰਘ, ਸੁਖਬੀਰ ਸਿੰਘ, ਜਗਰੂਪ ਸਿੰਘ ਤੇ ਭਾਰਤੀ ਤਨੇਜਾ ਤੇ ਹਰਿੰਦਰ ਸਿੰਘ ਮੱਕੜ ਵੀ ਮੌਜੂਦ ਸਨ।