ਨੀਟ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਕੀ ਮੁਆਫੀ ਮੰਗਣਗੇ ਰਾਹੁਲ ਗਾਂਧੀ: ਭਾਜਪਾ
ਨਵੀਂ ਦਿੱਲੀ, 24 ਜੁਲਾਈ
ਭਾਰਤੀ ਜਨਤਾ ਪਾਰਟੀ ਨੇ ਕੁਝ ਥਾਵਾਂ ’ਤੇ ਨੀਟ-ਯੂਜੀ ਪੇਪਰ ਲੀਕ ਹੋਣ ਤੋਂ ਬਾਅਦ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਦਾਖ਼ਲਿਆਂ ਦੀ ਪ੍ਰੀਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਦੀ ਘਾਟ ਨੂੰ ਹਵਾ ਦੇਣ ਦਾ ਦੋਸ਼ ਲਾਇਆ ਅਤੇ ਸਵਾਲ ਕੀਤਾ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੀ ਉਹ ਇਸ ਮੁੱਦੇ ’ਤੇ ਮੁਆਫੀ ਮੰਗਣਗੇ। ਸੁਪਰੀਮ ਕੋਰਟ ਨੇ ਨੀਟ-ਯੂਜੀ 2024 ਦੇ ਅਸਫਲ ਪ੍ਰੀਖਿਆਰਥੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਮੰਗਲਵਾਰ ਨੂੰ ਉਨ੍ਹਾਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ ਜਿਨ੍ਹਾਂ ਵਿੱਚ ਵਿਵਾਦਾਂ ’ਚ ਘਿਰੀ ਇਸ ਪ੍ਰੀਖਿਆ ਨੂੰ ਰੱਦ ਕਰ ਕੇ ਮੁੜ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਭਾਜਪਾ ਆਗੂ ਤੇ ਸਾਬਕਾ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵਿਰੋਧੀ ਧਿਰ, ਖ਼ਾਸ ਕਰ ਕੇ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਿਆ ਅਤੇ ਉਨ੍ਹਾਂ ’ਤੇ ਭਾਰਤ ਦੀ ਪ੍ਰੀਖਿਆ ਨੂੰ ਆਲਮੀ ਤੌਰ ’ਤੇ ਬਦਨਾਮ ਕਰਨ ਦਾ ਦੋਸ਼ ਲਾਇਆ। ਪ੍ਰਸਾਦ ਨੇ ਕਿਹਾ ਕਿ ਉਨ੍ਹਾਂ ਦੇ ਸ਼ਬਦਾਂ ਦੀ ਚੋਣ ਸੰਸਦ ਦੀ ਮਰਿਆਦਾ ਅਤੇ ਰਾਹੁਲ ਗਾਂਧੀ ਦੇ ਅਹੁਦੇ ਦੀ ਮਰਿਆਦਾ ਦੀ ਉਲੰਘਣਾ ਕਰਦੀ ਹੈ। ਉਨ੍ਹਾਂ ਰਾਹੁਲ ਵੱਲੋਂ ਬਜਟ ਨੂੰ ‘ਕੁਰਸੀ ਬਚਾਓ ਬਜਟ’ ਕਰਾਰ ਦੇਣ ਦੇ ਦੋਸ਼ਾਂ ਨੂੰ ਵੀ ਖਾਰਜ ਕੀਤਾ। -ਪੀਟੀਆਈ