ਨਾਗਪੁਰ ਹਿੰਸਾ ਦੇ ਮੁਲਜ਼ਮਾਂ ਦੀਆਂ ਜਾਇਦਾਦਾਂ ਜ਼ਬਤ ਕਰਾਂਗੇ: ਫੜਨਵੀਸ
ਨਾਗਪੁਰ, 22 ਮਾਰਚ
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅੱਜ ਕਿਹਾ ਕਿ ਸਰਕਾਰ ਨਾਗਪੁਰ ਹਿੰਸਾ ਦੌਰਾਨ ਨੁਕਸਾਨੀਆਂ ਗਈਆਂ ਜਾਇਦਾਦਾਂ ਦੀ ਕੀਮਤ ਦੰਗਾਕਾਰੀਆਂ ਤੋਂ ਵਸੂਲੇਗੀ ਅਤੇ ਭੁਗਤਾਨ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਵੇਚੀਆਂ ਜਾਣਗੀਆਂ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੜਨਵੀਸ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਖੰਘਾਲਣ ਮਗਰੋਂ ਹੁਣ ਤੱਕ 104 ਦੰਗਾਕਾਰੀਆਂ ਦੀ ਪਛਾਣ ਕੀਤੀ ਗਈ ਹੈ ਅਤੇ 12 ਨਾਬਾਲਗਾਂ ਸਮੇਤ 112 ਜਣਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ।
ਛਤਰਪਤੀ ਸੰਭਾਜੀਨਗਰ ਜ਼ਿਲ੍ਹੇ ਵਿੱਚ ਸਥਿਤ ਮੁਗਲ ਬਾਦਸ਼ਾਹ ਔਰੰਗਜ਼ੇਬ ਦੀ ਕਬਰ ਨੂੰ ਹਟਾਉਣ ਲਈ ਵਿਸ਼ਵ ਹਿੰਦੂ ਪਰਿਸ਼ਦ (ਵੀਐੱਚਪੀ) ਅਤੇ ਬਜਰੰਗ ਦਲ ਦੀ ਅਗਵਾਈ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਪਵਿੱਤਰ ਆਇਤ ਲਿਖੀ ਚਾਦਰ ਸਾੜੇ ਜਾਣ ਦੀਆਂ ਅਫਵਾਹਾਂ ਫੈਲਣ ਮਗਰੋਂ ਮਗਰੋਂ ਸੋਮਵਾਰ ਸ਼ਾਮ ਨੂੰ ਨਾਗਪੁਰ ਦੇ ਕਈ ਇਲਾਕਿਆਂ ਵਿੱਚ ਹਿੰਸਾ ਭੜਕ ਗਈ ਸੀ। ਇਸ ਹਿੰਸਾ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਵੱਡੇ ਪੱਧਰ ’ਤੇ ਪੱਥਰਬਾਜ਼ੀ ਅਤੇ ਅੱਗਜ਼ਨੀ ਹੋਈ, ਜਿਸ ਵਿੱਚ ਪੁਲੀਸ ਡਿਪਟੀ ਕਮਿਸ਼ਨਰ ਪੱਧਰ ਦੇ ਤਿੰਨ ਅਧਿਕਾਰੀਆਂ ਸਮੇਤ 33 ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ। ਫੜਨਵੀਸ ਨੇ ਕਿਹਾ ਕਿ ਕੇਂਦਰੀ ਨਾਗਪੁਰ ਦੇ ਖੇਤਰਾਂ ਵਿੱਚ ਹੋਈ ਹਿੰਸਾ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 30 ਮਾਰਚ ਨੂੰ ਨਿਰਧਾਰਤ ਦੌਰਾ ਪ੍ਰਭਾਵਿਤ ਨਹੀਂ ਹੋਵੇਗਾ।
ਗ੍ਰਹਿ ਵਿਭਾਗ ਦਾ ਚਾਰਜ ਸੰਭਾਲਣ ਵਾਲੇ ਫੜਨਵੀਸ ਨੇ ਕਿਹਾ, ‘‘ਨਾਗਪੁਰ ਹਿੰਸਾ ਦੌਰਾਨ ਨੁਕਸਾਨੀਆਂ ਗਈਆਂ ਜਾਇਦਾਦਾਂ ਦੀ ਕੀਮਤ ਦੰਗਾਕਾਰੀਆਂ ਤੋਂ ਵਸੂਲੀ ਜਾਵੇਗੀ ਅਤੇ ਭੁਗਤਾਨ ਨਾ ਕਰਨ ਦੀ ਸਥਿਤੀ ਵਿੱਚ ਨੁਕਸਾਨ ਦੀ ਵਸੂਲੀ ਲਈ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਵੇਚੀਆਂ ਜਾਣਗੀਆਂ। ਉਨ੍ਹਾਂ ਕਿਹਾ, ‘‘ਜਦੋਂ ਤੱਕ ਪੁਲੀਸ ’ਤੇ ਹਮਲਾ ਕਰਨ ਵਾਲੇ ਤੱਤਾਂ ਦੀ ਪਛਾਣ ਨਹੀਂ ਕੀਤੀ ਜਾਂਦੀ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।’’ -ਪੀਟੀਆਈ
ਨਾਗਪੁਰ ਹਿੰਸਾ ਮਾਮਲੇ ’ਚ ਹੁਣ ਤੱਕ 112 ਗ੍ਰਿਫ਼ਤਾਰ, ਤਿੰਨ ਹੋਰ ਕੇਸ ਦਰਜ
ਨਾਗਪੁਰ:
ਨਾਗਪੁਰ ਹਿੰਸਾ ਮਾਮਲੇ ਵਿੱਚ 7 ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 112 ਹੋ ਗਈ ਹੈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਸ਼ੁੱਕਰਵਾਰ ਨੂੰ 7 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀ ਨੇ ਕਿਹਾ ਕਿ ਇਸ ਘਟਨਾ ਸਬੰਧੀ ਤਿੰਨ ਹੋਰ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਉਧਰ, ਨਾਗਪੁਰ ਹਿੰਸਾ ਵਿੱਚ ਜ਼ਖ਼ਮੀ ਹੋਏ 40 ਸਾਲਾ ਵਿਅਕਤੀ ਦੀ ਅੱਜ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਨਾਗਪੁਰ ਪੁਲੀਸ ਕਮਿਸ਼ਨਰ ਰਵਿੰਦਰ ਕੁਮਾਰ ਸਿੰਘਲ ਨੇ ਕਿਹਾ ਕਿ ਨਾਗਪੁਰ ਹਿੰਸਾ ਮਾਮਲੇ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ