‘ਆਪ’ ਦੇ ਮੁੜ ਸੱਤਾ ’ਚ ਆਉਣ ’ਤੇ ਪਾਣੀ ਦੇ ਵਧੇ ਬਿੱਲ ਮੁਆਫ਼ ਕਰਾਂਗੇ: ਕੇਜਰੀਵਾਲ
ਨਵੀਂ ਦਿੱਲੀ, 4 ਜਨਵਰੀ
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸਨਿਚਰਵਾਰ ਨੂੰ ਐਲਾਨ ਕੀਤਾ ਕਿ ਕੌਮੀ ਰਾਜਧਾਨੀ ’ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨਸਭਾ ਚੋਣਾਂ ’ਚ ਜੇ ਉਨ੍ਹਾਂ ਦੀ ਪਾਰਟੀ ਮੁੜ ਸੱਤਾ ’ਚ ਆਉਂਦੀ ਹੈ ਤਾਂ ਦਿੱਲੀ ਵਾਸੀਆਂ ਦੇ ਪਾਣੀ ਦੇ ਵਧੇ ਹੋਣ ਬਿੱਲ ਮੁਆਫ਼ ਕਰ ਦਿੱਤੇ ਜਾਣਗੇ। ਇਥੇ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਜਲ ਬੋਰਡ ਵੱਲੋਂ ਲੋਕਾਂ ਨੂੰ ਭੇਜੇ ਜਾ ਰਹੇ ਹਜ਼ਾਰਾਂ -ਲੱਖਾਂ ਦੇ ਬਿੱਲਾਂ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਜੇਲ੍ਹ ਜਾਣ ਮਗਰੋਂ ਹੀ ਲੋਕਾਂ ਨੂੰ ਪਾਣੀ ਦੇ ਵਧੇ ਹੋਏ ਬਿੱਲ ਭੇਜੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਬਿੱਲਾਂ ਦਾ ਭੁਗਤਾਨ ਨਾ ਕਰਨ ਦੀ ਅਪੀਲ ਕੀਤੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ,‘‘ ਮੈਂ ਪਹਿਲਾਂ ਵੀ ਕਿਹਾ ਸੀ ਕਿ ਪਰ ਅੱਜ ਰਸਮੀ ਤੌਰ ’ਤੇ ਐਲਾਨ ਕਰ ਰਿਹਾ ਹਾਂ ਕਿ ਵਿਧਾਨ ਸਭਾ ਚੋਣਾਂ ਮਗਰੋਂ ਜਦੋਂ ‘ਆਪ’ ਦੁਬਾਰਾ ਸੱਤਾ ’ਚ ਆਵੇਗੀ ਤਾਂ ਪਾਣੀ ਦੇ ਵਧੇ ਹੋਏ ਬਿੱਲ ਮੁਆਫ ਕਰ ਦਿੱਤੇ ਜਾਣਗੇ।’’
ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਲਗਦਾ ਹੈ ਕਿ ਉਨ੍ਹਾਂ ਦੇ ਬਿੱਲ ਗਲਤ ਹਨ ਤਾਂ ਉਨ੍ਹਾਂ ਨੂੰ ਬਿੱਲਾਂ ਦਾ ਭੁਗਤਾਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਪ੍ਰਤੀ ਮਹੀਨਾ 20 ਹਜ਼ਾਰ ਲਿਟਰ ਮੁਫਤ ਪਾਣੀ ਮੁਹੱਈਆ ਕਰਵਾ ਰਹੀ ਹੈ ਅਤੇ ਕੌਮੀ ਰਾਜਧਾਨੀ ਦੇ 12 ਲੱਖ ਤੋਂ ਵੱਧ ਲੋਕਾਂ ਨੂੰ ਇਸਦਾ ਲਾਭ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ ਅਗਲੇ ਮਹੀਨੇ ਵੋਟਾਂ ਪੈਣੀਆਂ ਹਨ, ਜਿਨ੍ਹਾਂ ’ਚ ‘ਆਪ’ ਲਗਾਤਾਰ ਚੌਥੀ ਵਾਰ ਜਿੱਤ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। -ਪੀਟੀਆਈ