ਪੰਜਾਬ ਦੀਆਂ ਸਾਰੀਆਂ ਸੀਟਾਂ ਜਿੱਤਾਂਗੇ: ਭਗਵੰਤ ਮਾਨ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 20 ਅਪਰੈਲ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਬਾਹੋਵਾਲ ’ਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਚੋਣ ਰੈਲੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਹੂੰਝਾ ਫੇਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਜੇਕਰ ਸਮਝਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜ ਕੇ ਪਾਰਟੀ ਦੀ ਚੜ੍ਹਤ ਰੋਕ ਲਵੇਗੀ ਤਾਂ ਉਹ ਕਿਸੇ ਵਹਿਮ ਵਿੱਚ ਨਾ ਰਹੇ। ਉਨ੍ਹਾਂ ਕਿਹਾ ਕਿ ਜਿਵੇਂ ਦਰਿਆਵਾਂ ਨੂੰ ਨੱਕੇ ਨਹੀਂ ਲਗਾਏ ਜਾ ਸਕਦੇ ਉਸੇ ਤਰ੍ਹਾਂ ਕੇਜਰੀਵਾਲ ਦੀ ਸੋਚ ਨੂੰ ਵੀ ਡੱਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਜੋ ਕੰਮ ‘ਆਪ’ ਸਰਕਾਰ ਨੇ ਕਰਕੇ ਦਿਖਾਏ ਹਨ ਉਹ ਪਿਛਲੀ ਕੋਈ ਸਰਕਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਵੀ ਵਿਕਾਸ ਦੀ ਹਨੇਰੀ ਲਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਲੋਕ ਸਭਾ ’ਚ ‘ਆਪ’ ਦੇ ਨੁਮਾਇੰਦਿਆਂ ਦਾ ਬਹੁਮਤ ਹੋ ਜਾਵੇਗਾ ਤਾਂ ਕੇਂਦਰ ਸਰਕਾਰ, ਪੰਜਾਬ ਨੂੰ ਦਿੱਤੇ ਜਾਣ ਵਾਲੇ ਫ਼ੰਡ ਨਹੀਂ ਰੋਕ ਸਕੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਨਾਲ-ਨਾਲ ਦਿੱਲੀ ਤੇ ਗੁਜਰਾਤ ਵਿੱਚ ਵੀ ‘ਆਪ’ ਹੀ ਜਿੱਤੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹੁਣ ਤੱਕ 43 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ ਤੇ 70 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਵਿਚ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੂੰ ਚਲਾਉਣ ਵਾਲਿਆਂ ਨੇ ਸਿਰਫ਼ ਆਪਣੇ ਘਰ ਹੀ ਭਰੇ ਪਰ ਹੁਣ ਲੋਕ ਹਿਤੈਸ਼ੀ ਸਰਕਾਰ ਆਈ ਹੈ ਜੋ ਲੋਕਾਂ ਦੇ ਫਾਇਦੇ ਸੋਚਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਈ ਵੀ ਅਜਿਹਾ ਫ਼ੈਸਲਾ ਨਹੀਂ ਕਰੇਗੀ ਜੋ ਆਮ ਜਨਤਾ ਦੇ ਹੱਕ ਵਿਚ ਨਾ ਹੋਵੇ। ਉਨ੍ਹਾਂ ਕਿਹਾ ਕਿ ਕਿਹਾ ਕੇਜਰੀਵਾਲ ਦਾ ਪੰਜਾਬ ਦੇ ਲੋਕਾਂ ਨੂੰ ਸਨੁੇਹਾ ਹੈ ਕਿ ਉਹ ਬਿਨਾਂ ਕਿਸੇ ਡਰ ਦੇ ਵੋਟ ਪਾਉਣ ਅਤੇ ‘ਆਪ’ ਦੀ ਜਿੱਤ ਯਕੀਨੀ ਬਣਾਉਣ। ਉਨ੍ਹਾਂ ਹੁਸ਼ਿਆਰਪੁਰ ਹਲਕੇ ਦੀਆਂ ਸਮੱਸਿਆਵਾਂ ਵੀ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਚੱਬੇਵਾਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਨਵੇਂ ਪਰਿਵਾਰ ਵਿਚ ਭਾਵੇਂ ਕੁਝ ਚਿਰ ਪਹਿਲਾਂ ਹੀ ਸ਼ਾਮਿਲ ਹੋਏ ਹਨ ਪਰ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ ਦੇ ਕਾਇਲ ਹਨ ਜੋ ਉਹ ਇਸ ਵੇਲੇ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਨੂੰ ਚਲਾ ਰਹੇ ਹਨ ਕਿਉਂਕਿ ਪਾਰਟੀ ਮੁਖੀ ਕੇਜਰੀਵਾਲ ਇਸ ਵੇਲੇ ਜੇਲ੍ਹ ’ਚ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ‘ਆਪ’ ਸਰਕਾਰ ਨੇ ਕਮਾਲ ਦੀ ਕਾਰਗੁਜ਼ਾਰੀ ਦਿਖਾਈ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਉਹ ਇਸ ਪਾਰਟੀ ’ਚ ਆਏ ਹਨ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਚੁਣੇ ਜਾਣ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਵਾਉਣਗੇ।