ਬਾਦਲ ’ਤੇ ਹਮਲੇ ਨਾਲ ‘ਆਪ’ ਸਰਕਾਰ ਨਿਸ਼ਾਨੇ ’ਤੇ ਆਈ
ਚਰਨਜੀਤ ਭੁੱਲਰ
ਚੰਡੀਗੜ੍ਹ, 4 ਦਸੰਬਰ
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹਰਿਮੰਦਰ ਸਾਹਿਬ ਵਿੱਚ ਹੋਏ ਹਮਲੇ ਨਾਲ ਸਿਆਸਤ ਭਖ ਗਈ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਇਸ ਮਾਮਲੇ ’ਤੇ ਘੇਰਾਬੰਦੀ ਹੋਣ ਲੱਗੀ ਹੈ ਜਦੋਂ ਕਿ ‘ਆਪ’ ਦੀ ਲੀਡਰਸ਼ਿਪ ਬਚਾਅ ਵਿੱਚ ਜੁਟ ਗਈ ਹੈ। ਪੰਜਾਬ ਦੀਆਂ ਵਿਰੋਧੀ ਸਿਆਸੀ ਧਿਰਾਂ ਨੇ ਅੱਜ ਅਮਨ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਧਰ ਮੁੱਖ ਮੰਤਰੀ ਭਗਵੰਤ ਮਾਨ ਅਤੇ ’ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਪੰਜਾਬ ਪੁਲੀਸ ਵੱਲੋਂ ਵਰਤੀ ਮੁਸਤੈਦੀ ਦੀ ਸ਼ਲਾਘਾ ਕੀਤੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦਿੱਲੀ ਚੋਣਾਂ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਉਭਾਰਿਆ ਜਾ ਰਿਹਾ ਹੈ। ਦਿੱਲੀ ਚੋਣਾਂ ਵਿਚ ਭਾਜਪਾ ਸਿਆਸੀ ਲਾਹੇ ਖ਼ਾਤਰ ਹੁਣ ਪੰਜਾਬ ਵਿੱਚ ਵਾਪਰੀ ਇਸ ਘਟਨਾ ਨੂੰ ਉਭਾਰ ਸਕਦੀ ਹੈ।
ਮਖੂ (ਪੱਤਰ ਪ੍ਰੇਰਕ):
ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਹ ਘਟਨਾ ਸੂਬੇ ਦੀ ਡਾਵਾਂਡੋਲ ਹੋ ਚੁੱਕੀ ਕਾਨੂੰਨ ਵਿਵਸਥਾ ਨੂੰ ਬਿਆਨ ਕਰਦੀ ਹੈ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ):
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੁਖਬੀਰ ਬਾਦਲ ਨੂੰ ਸੁਝਾਅ ਦਿੱਤਾ ਕਿ ਉਨ੍ਹਾਂ ਨੂੰ ਹੁਣ ਅਕਾਲ ਪੁਰਖ ਦਾ ਅੰਤਰ ਆਤਮਾ ਤੋਂ ਸ਼ੁਕਰਾਨਾ ਕਰਦੇ ਹੋਏ ਰਹਿੰਦੇ ਜ਼ਿੰਦਗੀ ਦੇ ਸਵਾਸਾਂ ਨੂੰ ਚੰਗੇ ਅਮਲਾਂ ਵਿਚ ਲਗਾ ਕੇ ਪਾਪਾਂ ਦਾ ਪਸਚਾਤਾਪ ਕਰਨਾ ਚਾਹੀਦਾ ਹੈ।
ਅੰਮ੍ਰਿਤਸਰ (ਟਨਸ):
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਮਿਸਲ ਸਤਲੁਜ ਦੇ ਪ੍ਰਧਾਨ ਅਜੈਪਾਲ ਸਿੰਘ ਬਰਾੜ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਸਾਬਕਾ ਮੰਤਰੀ ਪ੍ਰੋਫੈਸਰ ਲਕਸ਼ਮੀ ਕਾਂਤਾ ਚਾਵਲਾ ਅਤੇ ਚੀਫ਼ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਨੇ ਵੀ ਘਟਨਾ ਦੀ ਨਿਖੇਧੀ ਕੀਤੀ ਹੈ।
ਜਾਖੜ ਨੇ ਸੂਬਾ ਸਰਕਾਰ ਨੂੰ ਘੇਰਿਆ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਸੂਬਾ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮੀ ਦੀ ਬਹਾਦਰੀ ਇਸ ਸਚਾਈ ’ਤੇ ਪਰਦਾ ਨਹੀਂ ਪਾ ਸਕਦੀ ਕਿ ਪੰਜਾਬ ਦੇ ਹਾਲਾਤ ਮੁੜ ਵਿਗੜ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਤੱਕ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਮਲਾਵਰ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਵਰਕਰ ਸੀ, ਪਰ 2017 ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਕੇਐੱਲਐੱਫ ਨਾਲ ਜੁੜੇ ਇੱਕ ਨੇਤਾ ਦੇ ਘਰ ਰਾਤ ਕੱਟੀ ਸੀ।
ਪੰਜਾਬ ਅਤਿਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ: ਕੈਪਟਨ
ਭਾਜਪਾ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕਰਦਿਅਆਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ 1980 ਤੇ 1990 ਦੇ ਦਹਾਕੇ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਅਤੇ ਇਹ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਇਸੇ ਦੌਰਾਨ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਘਟਨਾ ਦਰਸਾ ਰਹੀ ਕਿ ਸੂਬੇ ਵਿੱਚ ਅਰਾਜਕਤਾ ਵਾਲਾ ਮਾਹੌਲ ਹੈ।
ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਾਈ ਜਾਵੇ: ਬਾਜਵਾ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੀ ਗੰਭੀਰ ਯਾਦ ਦਿਵਾਉਂਦਾ ਹੈ। ਇਹ ਘਟਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਪੁਲੀਸ ਅਤੇ ਗ੍ਰਹਿ ਵਿਭਾਗ ਦੀ ਵੱਡੀ ਨਾਕਾਮੀ ਨੂੰ ਦਰਸਾਉਂਦੀ ਹੈ। ਉਨ੍ਹਾਂ ਘਟਨਾ ਦੀ ਹਾਈ ਕੋਰਟ ਵੱਲੋਂ ਨਿਯੁਕਤ ਕਮੇਟੀ ਤੋਂ ਵਿਆਪਕ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਬਾਜਵਾ ਨੇ ਇਸ ਨਾਜ਼ੁਕ ਸਮੇਂ ਦੌਰਾਨ ਸਮਾਜ ਦੇ ਸਾਰੇ ਵਰਗਾਂ ਨੂੰ ਸੰਜਮ ਅਤੇ ਏਕਤਾ ਰੱਖਣ ਦੀ ਅਪੀਲ ਵੀ ਕੀਤੀ।
ਅਮਨ ਕਾਨੂੰਨ ਦੀ ਵਿਵਸਥਾ ਬੇਪਰਦ ਹੋਈ: ਵੜਿੰਗ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਬੇਪਰਦ ਕਰ ਦਿੱਤਾ ਹੈੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ‘ਆਪ’ ਸਰਕਾਰ ਦੀ ਅਣਗਹਿਲੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਵਿਚ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੂੰ ਮੁਅੱਤਲ ਕਰਨ ਦੀ ਮੰਗ ਵੀ ਕੀਤੀ।