ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਔਰਤਾਂ ਤੇ ਕਿਰਤੀ ਸ਼ਾਮਲ ਹੋਏ
ਜੋਗਿੰਦਰ ਸਿੰਘ ਮਾਨ
ਮਾਨਸਾ, 31 ਜੁਲਾਈ
ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਨਸ਼ਿਆਂ ਖਿਲਾਫ਼ ਚੱਲ ਰਹੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ’ਚ ਔਰਤਾਂ, ਕਿਰਤੀ ਵਰਗ ਵੱਲੋਂ ਸ਼ਮੂਲੀਅਤ ਕੀਤੀ ਗਈ ਜਿਸ ਦੌਰਾਨ ਮਹਾਨ ਕ੍ਰਾਂਤੀਕਾਰੀ ਤੇ ਸੁਤੰਤਰਤਾ ਸੰਗਰਾਮੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਲਈ ਚੁੱਪ ਧਾਰ ਰੱਖੀ ਹੈ, ਜਦੋਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਮਨ ਕੀ ਬਾਤ’ ਵਿੱਚ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਖਿਲਾਫ਼ ਉਠੀ ਲਹਿਰ ਦੀ ਤਾਰੀਫ਼ ਕਰਦਿਆਂ ਇਸ ਨੂੰ ਇੱਕ ਚੰਗੀ ਸ਼ੁਰੂਆਤ ਦੱਸਿਆ ਹੈ।
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੀਤੇ ਦਿਨਾਂ ਵਿੱਚ ਨਸ਼ਾ ਤਸਕਰਾਂ ਨੂੰ ਫੜਨ ਦੀ ਬਜਾਏ ਪੀੜਤ ਲੋਕਾਂ ਨੂੰ ਫੜ ਕੇ ਉਨ੍ਹਾਂ ਉੱਤੇ ਵੱਖ-ਵੱਖ ਧਾਰਾਵਾਂ ਤਹਿਤ ਪਰਚੇ ਦਰਜ ਕਰਕੇ ਜੇਲ੍ਹਾਂ ਅੰਦਰ ਸੁੱਟਿਆ ਜਾ ਰਿਹਾ ਹੈ, ਪਰ ਨਸ਼ੇ ਦੇ ਅਸਲ ਸੌਦਾਗਰਾਂ ਨੂੰ ਆਜ਼ਾਦੀ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਰਤੀ ਜਾ ਰਹੀ ਚੁੱਪ ਇਹ ਸੰਕੇਤ ਦਿੰਦੀ ਹੈ ਕਿ ਸੱਤਾਧਾਰੀ ਪਾਰਟੀ ਇਸ ਨੂੰ ਲੈ ਕੇ ਸੁਹਿਰਦ ਨਹੀਂ ਹੈ। ਇਸ ਮੌਕੇ ਮੱਖਣ ਸਿੰਘ ਭੈਣੀਬਾਘਾ, ਤਾਰਾ ਚੰਦ ਬਰੇਟਾ, ਸੱਤਪਾਲ ਵਰ੍ਹੇ, ਬਲਵਿੰਦਰ ਸ਼ਰਮਾ, ਜਗਮੇਲ ਸਿੰਘ, ਕਾਮਰੇਡ ਰਾਣਾ, ਮੋਹਿੰਦਰ ਬੁਰਜ ਰਾਠੀ, ਧੰਨਾ ਮੱਲ ਗੋਇਲ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ ਜਵਾਹਰਕੇ, ਸਿਕੰਦਰ ਖਿਆਲਾ, ਜਗਦੇਵ ਕੋਟਲੀ ਨੇ ਵੀ ਸੰਬੋਧਨ ਕੀਤਾ।