ਖੇਤੀ ਆਰਡੀਨੈਂਸ ਵਿਰੁੱਧ ਔਰਤਾਂ ਨੇ ਸੰਭਾਲੀ ਕਮਾਨ
ਰਮਨਦੀਪ ਸਿੰਘ
ਚਾਉਕੇ, 23 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਫੈਸਲਾ ਕੀਤਾ ਹੈ ਕਿ ਕਰੋਨਾ ਦੀ ਆੜ ਹੇਠ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਵਿਰੁੱਧ ਕੇਂਦਰ ਦੀ ਮੋਦੀ ਹਕੂਮਤ ਦੇ ਭਾਈਵਾਲ ਪਾਰਟੀ ਦੇ ਆਗੂਆਂ ਨੂੰ ਪਿੰਡ ਵਿੱਚ ਵੜਨ ਤੋਂ ਹੁਣ ਕਿਸਾਨ ਔਰਤਾਂ ਰੋਕਣਗੀਆਂ। ਭਾਕਿਯੂ ਉਗਰਾਹਾਂ ਦੀ ਆਗੂ ਪਰਮਜੀਤ ਕੌਰ ਪਿੱਥੋ ਦੀ ਅਗਵਾਈ ਵਿੱਚ ਅੱਜ ਹਰਵਿੰਦਰ ਕੌਰ ਬਿੰਦੂ, ਗੁਲਾਬ ਸਿੰਘ ਜਿਉਂਦ, ਨਿੱਕਾ ਸਿੰਘ ਜੇਠੂਕੇ, ਕਾਲਾ ਸਿੰਘ ਪਿੱਥੋ, ਭੂਰਾ ਸਿੰਘ ਡਿੱਖ ਨੇ ਰਾਮਪੁਰਾ ਬਲਾਕ ਦੇ ਪਿੰਡ ਭੂੰਦੜ, ਚਾਉਕੇ, ਸੂਚ, ਭੈਣੀ ਚੂਹੜ ਵਿੱਚ ਕਿਸਾਨ ਰੈਲੀਆਂ ਕਰਕੇ ਵਿਸ਼ਾਲ ਲੋਕ ਲਹਿਰ ਲਾਮਬੰਦ ਕਰਨ ਸਮੇਂ ਔਰਤਾਂ ਦੀ ਲਾਮਬੰਦੀ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਵਿਰੁੱਧ ਬਣਾਏ ਗਏ ਆਰਡੀਨੈਂਸਾਂ ਦਾ ਸਮਰਥਨ ਕਰਨ ਵਾਲਿਆਂ ਦਾ ਜਥੇਬੰਦੀ ਡਟ ਕੇ ਵਿਰੋਧ ਕਰੇਗੀ ਅਤੇ ਉਨ੍ਹਾਂ ਨੂੰ 25 ਤੋਂ 27 ਅਗਸਤ ਤੱਕ ਪਿੰਡ ਵਿੱਚ ਵੀ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹੋਰਨਾਂ ਅਕਾਲੀ ਅਤੇ ਭਾਜਪਾ ਲੀਡਰਾਂ ਤੋਂ ਸੁਆਲ ਵੀ ਪੁੱਛੇ ਜਾਣਗੇ ਕਿ ਕਿਸਾਨ ਮਾਰੂ ਆਰਡੀਨੈਂਸ ’ਤੇ ਉਹ ਕਿਉਂ ਚੁੱਪ ਹਨ।
ਔਰਤ ਕਰਜ਼ਾ ਮੁਕਤੀ ਅੰਦੋਲਨ: ਸੂਬਾ ਪੱਧਰੀ ਮੀਟਿੰਗ ਭਲਕੇ
ਮਾਨਸਾ (ਜੋਗਿੰਦਰ ਸਿੰਘ ਮਾਨ): ਵੱਖ-ਵੱਖ ਜਨਤਕ ਜਥੇਬੰਦੀਆਂ ਵੱਲੋਂ ਲੌਕਡਾਊਨ ਕਾਰਨ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਕਰਜ਼ੇ ਮੋੜਨ ਤੋਂ ਅਸਮਰੱਥ ਹੋਈਆਂ ਪੰਜਾਬ ਦੀਆਂ ਲੱਖਾਂ ਘਰੇਲੂ ਔਰਤਾਂ ਸਿਰ ਖੜ੍ਹੇ ਕਰਜ਼ਿਆਂ ਨੂੰ ਮੁਆਫ਼ ਕਰਵਾਉਣ ਲਈ ‘ਔਰਤ ਕਰਜ਼ਾ ਮੁਕਤੀ ਅੰਦੋਲਨ’ ਦੀ ਸੂਬਾ ਲੀਡਰਸ਼ਿਪ ਦੀ ਮੀਟਿੰਗ 25 ਅਗਸਤ ਨੂੰ ਮਾਨਸਾ ਵਿਖੇ ਬੁਲਾਉਣ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਪੀਆਈ (ਐਮ ਐਲ) ਲਬਿਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓਂ ਤੇ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਦਸਿਆ ਕਿ ਇਸ ਅੰਦੋਲਨ ਤਹਿਤ ਹੁਣ ਤੱਕ ਬਰਨਾਲਾ, ਮਾਨਸਾ, ਬਠਿੰਡਾ, ਸੰਗਰੂਰ, ਫਰੀਦਕੋਟ, ਫਿਰੋਜ਼ਪੁਰ ਅਤੇ ਮੋਗਾ ਵਿਖੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਹਜ਼ਾਰਾਂ ਔਰਤਾਂ ਦੀ ਸ਼ਮੂਲੀਅਤ ਵਾਲੀਆਂ ਵਿਸ਼ਾਲ ਰੈਲੀਆਂ ਹੋ ਚੁੱਕੀਆਂ ਹਨ ਅਤੇ ਪਟਿਆਲਾ, ਲੁਧਿਆਣਾ, ਫਤਹਿਗੜ੍ਹ ਸਾਹਿਬ, ਮੋਹਾਲੀ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲਿਆਂ ਵਿੱਚ ਆਉਂਦੇ ਦਨਿਾਂ ਵਿੱਚ ਅਜਿਹੀਆਂ ਰੈਲੀਆਂ ਕਰਨ ਦੀਆਂ ਜ਼ੋਰ ਸ਼ੋਰ ਨਾਲ ਤਿਆਰੀਆਂ ਚੱਲ ਰਹੀਆਂ ਹਨ।