ਔਰਤਾਂ ਨੂੰ ਅਧਿਕਾਰਾਂ ਬਾਰੇ ਜਾਗਰੂਕ ਕਰ ਰਿਹੈ ਮਹਿਲਾ ਕਮਿਸ਼ਨ: ਅਗਰਵਾਲ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 23 ਨਵੰਬਰ
ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਅਤੇ ਐਡਵੋਕੇਟ ਸੋਨੀਆ ਅਗਰਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਧੀਆਂ ਆਪਣੇ ਅਧਿਕਾਰਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹਨ ਅਤੇ ਹਰ ਖੇਤਰ ’ਚ ਉਤਸ਼ਾਹ ਨਾਲ ਹਿੱਸਾ ਲੈ ਰਹੀਆਂ ਹਨ। ਸੋਨੀਆ ਅਗਰਵਾਲ ਸਰਕਾਰੀ ਮਾਡਲ ਕਲਚਰਲ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਏ ਪਾਵਰ ਵਾਕ ਫਾਰ ਵਿਮੈੱਨ ਪ੍ਰੋਗਰਾਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਪੂਰੇ ਸੂਬੇ ’ਚ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾ ਰਿਹਾ ਹੈ ਜਿਨ੍ਹਾਂ ਦਾ ਉਦੇਸ਼ ਬੱਚਿਆਂ ਵਿਚ ਜਾਗਰੂਕਤਾ ਲਿਆਉਣਾ ਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਔਰਤਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਿਹਾ ਹੈ ਤੇ ਸਮੇਂ ਸਮੇਂ ’ਤੇ ਕੈਂਪ ਲਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਕਮਿਸ਼ਨ ਨੂੰ ਪੀੜਤ ਔਰਤਾਂ ਤੋਂ ਜੋ ਵੀ ਸ਼ਿਕਾਇਤਾਂ ਮਿਲਦੀਆਂ ਹਨ ਉਨ੍ਹਾਂ ’ਤੇ ਸਕਾਰਾਤਮਕ ਸੋਚ ਨਾਲ ਕਾਰਵਾਈ ਕੀਤੀ ਜਾਂਦੀ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਕੰਵਲਜੀਤ ਕੌਰ ਨੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਦੱਸਿਆ ਅਤੇ ਸਕੂਲ ਦੇ ਅਧਿਆਪਕਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇ ਬੱਚਿਆਂ ਲਈ ਜਾਗਰੂਕਤਾ ਵਿਸ਼ਿਆਂ ’ਤੇ ਮੁਕਾਬਲੇ ਕਰਾਉਣ ਤਾਂ ਜੋ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਣਕਾਰੀ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕਮਿਸ਼ਨ ਵਲੋਂ ਦਿੱਤੇ ਗਏ ਕਾਨੂੰਨੀ ਅਧਿਕਾਰਾਂ ਦੀ ਜਾਣਕਾਰੀ ਬਿਨਾਂ ਸ਼ੱਕ ਉਨ੍ਹਾਂ ਲਈ ਲਾਹੇਵੰਦ ਹੋਵੇਗੀ। ਇਸ ਮੌਕੇ ਐੱਸਡੀਐੱਮ ਕਪਿਲ ਸ਼ਰਮਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਰੋਹਤਾਸ਼ ਵਰਮਾ, ਬੀਈਓ ਇੰਦੂ ਕੌਸ਼ਿਕ, ਡੀਪੀਓ ਨੀਤਾ ਰਾਣੀ, ਡਾ. ਮੁਨੀਸ਼ ਕੁਕਰੇਜਾ, ਰੋਸ਼ਨੀ ਦੇਵੀ ਤੇ ਸਚਿੰਦਰਾ ਆਦਿ ਮੌਜੂਦ ਸਨ।