ਮਹਿਲਾ ਕਮਿਸ਼ਨ ਵੱਲੋਂ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਨੋਟਿਸ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 14 ਦਸੰਬਰ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਔਰਤਾਂ ਬਾਰੇ ਅਪਮਾਨਜਨਕ ਟਿੱਪਣੀ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਨੋਟਿਸ ਜਾਰੀ ਕੀਤਾ ਹੈ। ਮਹਿਲਾ ਕਮਿਸ਼ਨ ਦੀ ਮੁਖੀ ਨੇ ਧਾਮੀ ਨੂੰ 17 ਦਸੰਬਰ ਤੱਕ ਸਬੰਧਤ ਆਡੀਓ ਰਿਕਾਰਡਿੰਗ ਬਾਰੇ ਆਪਣਾ ਲਿਖਤੀ ਸਪੱਸ਼ਟੀਕਰਨ ਅਤੇ ਕਮਿਸ਼ਨ ਦੇ ਮੁਹਾਲੀ ਸਥਿਤ ਦਫ਼ਤਰ (ਐਸਸੀਓ ਨੰਬਰ-5, ਫੇਜ਼-1) ਵਿੱਚ ਨਿੱਜੀ ਤੌਰ ’ਤੇ ਪੇਸ਼ ਹੋ ਕੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਐੱਸਜੀਪੀਸੀ ਦੀਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਿਰੁੱਧ ਅਪਮਾਨਜਨਕ ਟਿੱਪਣੀ ਅਤੇ ਭਾਸ਼ਾ ਦੀ ਵਰਤੋਂ ਦੇ ਮਾਮਲੇ ਵਿੱਚ ਸੂਮੋਟੋ ਨੋਟਿਸ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਔਰਤਾਂ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਨੂੰ ਗੰਭੀਰਤਾ ਨਾਲ ਵਿਚਾਰਿਆ ਅਤੇ ਕਮਿਸ਼ਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਪੰਜਾਬ ਵਿੱਚ ਔਰਤਾਂ ਦੇ ਅਧਿਕਾਰ, ਮਾਣ ਅਤੇ ਰੁਤਬੇ ਦੀ ਸੁਰੱਖਿਆ ਹੋਵੇ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਧਾਮੀ ਨੇ ਇੱਕ ਪੱਤਰਕਾਰ ਨਾਲ ਟੈਲੀਫੋਨ ’ਤੇ ਗੱਲਬਾਤ ਦੌਰਾਨ ਬੀਬੀ ਜਗੀਰ ਕੌਰ ਦੇ ਹਵਾਲੇ ਨਾਲ ਬਹੁਤ ਹੀ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਅਜਿਹੀ ਭਾਸ਼ਾ ਅਤੇ ਟਿੱਪਣੀ ਨਾ ਸਿਰਫ਼ ਇੱਕ ਵਿਅਕਤੀਗਤ ਔਰਤ ਨੂੰ ਬਦਨਾਮ ਕਰਦੀ ਹੈ ਬਲਕਿ ਸਮੁੱਚੀ ਔਰਤ ਜਾਤੀ ਦਾ ਵੀ ਨਿਰਾਦਰ ਹੈ। ਮਹਿਲਾ ਕਮਿਸ਼ਨ ਦੀ ਮੁਖੀ ਨੇ ਕਿਹਾ ਕਿ ਧਾਮੀ ਐੱਸਜੀਪੀਸੀ ਪ੍ਰਧਾਨ ਵਜੋਂ ਅਹਿਮ ਅਤੇ ਬਹੁਤ ਹੀ ਸਤਿਕਾਰਤ ਅਹੁਦੇ ’ਤੇ ਬਿਰਾਜਮਾਨ ਹੋਣ ਹਨ।
ਉਨ੍ਹਾਂ ਦੇ ਆਚਰਨ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਇਹ ਸਮੁੱਚੀ ਮਨੁੱਖ ਜਾਤੀ ਦੇ ਸਤਿਕਾਰ ਅਤੇ ਮਰਿਆਦਾ ਦੇ ਉੱਚਤਮ ਮਿਆਰਾਂ ਨੂੰ ਦਰਸਾਏਗਾ। ਅਜਿਹੀ ਅਪਮਾਨਜਨਕ ਭਾਸ਼ਾ ਅਤੇ ਟਿੱਪਣੀ ਦੀ ਵਰਤੋਂ, ਉਨ੍ਹਾਂ ਦੇ ਅਹੁਦੇ ਲਈ ਗੈਰਵਾਜਬ ਅਤੇ ਸਮਾਜ ਨੂੰ ਨੁਕਸਾਨਦੇਹ ਸੰਦੇਸ਼ ਦਿੰਦੀ ਹੈ। ਲਿਹਾਜ਼ਾ ਉਨ੍ਹਾਂ ਦਾ ਇਸ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਧਾਮੀ ਵੱਲੋਂ ਨਿਰਧਾਰਿਤ ਸਮੇਂ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋ ਕੇ ਨੋਟਿਸ ਦਾ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਕਮਿਸ਼ਨ ਵੱਲੋਂ ਉਨ੍ਹਾਂ ਖ਼ਿਲਾਫ਼ ਢੁਕਵੀਂ ਕਾਰਵਾਈ ਲਈ ਸਬੰਧਤ ਅਥਾਰਿਟੀਜ਼ ਨੂੰ ਸਿਫ਼ਾਰਸ਼ ਕੀਤੀ ਜਾਵੇਗੀ।ਅੰਮ੍ਰਿਤਸਰ(ਟਨਸ): ਅਕਾਲੀ ਦਲ 1920 ਦੇ ਪ੍ਰਧਾਨ ਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਖਿਲਾਫ਼ ਵਰਤੇ ਅਪਸ਼ਬਦਾਂ ਦੀ ਤਿੱਖੇ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸਲ ਦੋਸ਼ੀ ਸ੍ਰੀ ਧਾਮੀ ਦੀ ਨਿਯੁਕਤੀ ਕਰਨ ਵਾਲੇ ਹਨ, ਜਿਨ੍ਹਾਂ ਨੇ ਅਯੋਗ ਵਿਅਕਤੀ ਨੂੰ ਇਸ ਮਹਾਨ ਸੰਸਥਾ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸੇ ਤਰ੍ਹਾਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੁਖੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਮਹਿਲਾ ਪ੍ਰਧਾਨ ਨੂੰ ਅਪਸ਼ਬਦ ਬੋਲਣ ਵਾਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਅਕਾਲ ਤਖਤ ਦੇ ਜਥੇਦਾਰ ਨੂੰ ਇਸ ਮਾਮਲੇ ਵਿੱਚ ਉਹਨਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ਇਸ ਮਾਮਲੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਵੱਡੇ ਪੱਧਰ ’ਤੇ ਆਲੋਚਨਾ ਕੀਤੀ ਜਾ ਰਹੀ ਹੈ।