ਡੀਸੀ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਧਰਨੇ ਦੇਣਗੇ ਮਜ਼ਦੂਰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜਨਵਰੀ
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕਣਕ ਤੇ ਆਟੇ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਨੂੰ ਨੱਥ ਪਾਉਣ ਅਤੇ ਕਣਕ ਤੇ ਖਾਧ ਖ਼ੁਰਾਕ ਦੀਆਂ ਹੋਰ ਜ਼ਰੂਰੀ ਵਸਤਾਂ ਸਸਤੇ ਭਾਅ ਰਾਸ਼ਨ ਡਿੱਪੂਆਂ ਰਾਹੀਂ ਲੋੜ ਅਨੁਸਾਰ ਮੁਹੱਈਆ ਕਰਾਉਣ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਕੀਮਤਾਂ ਨੂੰ ਠੱਲ੍ਹ ਪਾਉਣ, ਰਾਸ਼ਨ ਡਿੱਪੂਆਂ ਰਾਹੀਂ ਸਸਤੇ ਭਾਅ ਅਨਾਜ ਤੇ ਰਾਸ਼ਨ ਦੀਆਂ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਾਉਣ ਸਣੇ ਹੋਰਨਾਂ ਭਖਦੀਆਂ ਮੰਗਾਂ ਲਈ ਯੂਨੀਅਨ ਵੱਲੋਂ 23 ਤੇ 24 ਜਨਵਰੀ ਨੂੰ ਡਿਪਟੀ ਕਮਿਸ਼ਨਰ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਇੱਕ ਰੋਜ਼ਾ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਣਕ ਦਾ ਥੋਕ ਭਾਅ 3100 ਰੁਪਏ ਅਤੇ ਆਟੇ ਦਾ ਭਾਅ 3500 ਰੁਪਏ ਪ੍ਰਤੀ ਕੁਇੰਟਲ ਤੱਕ ਪੁੱਜਣ ਕਰ ਕੇ ਖੇਤ ਮਜ਼ਦੂਰਾਂ ਸਣੇ ਹੋਰਨਾਂ ਗ਼ਰੀਬ ਵਰਗਾਂ ਲਈ ਦੋ ਡੰਗ ਦੀ ਰੋਟੀ ਦੇ ਲਾਲੇ ਪੈਣ ਵਰਗੇ ਹਾਲਾਤ ਪੈਦਾ ਹੋਣ ਵਰਗੇ ਹਾਲਾਤ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਣਕ ਅਤੇ ਆਟੇ ਸਣੇ ਦਾਲਾਂ ਤੇ ਸਬਜ਼ੀਆਂ ਆਦਿ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ, ਦੂਜੇ ਪਾਸੇ ਮਜ਼ਦੂਰ ਵਰਗ ਲਈ ਸੁੱਕੀ ਲੱਕੜ ਦੇ ਬਾਲਣ ਦੀ ਗੰਭੀਰ ਸਮੱਸਿਆ ਬਣੀ ਹੋਈ ਹੈ।
ਮਜ਼ਦੂਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਮੰਡੀਕਰਨ ਨੀਤੀ ਰਾਹੀਂ ਖ਼ੁਰਾਕੀ ਵਸਤਾਂ ’ਤੇ ਕਾਰਪੋਰੇਟ ਘਰਾਣਿਆਂ ਦਾ ਮੁਕੰਮਲ ਕਬਜ਼ਾ ਕਰਾਉਣ ਅਤੇ ਫ਼ਸਲਾਂ ਦੀ ਸਰਕਾਰੀ ਖ਼ਰੀਦ ਤੋਂ ਭੱਜਣ ਤੇ ਜਨਤਕ ਵੰਡ ਪ੍ਰਣਾਲੀ ਦਾ ਮੁਕੰਮਲ ਖ਼ਾਤਮਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਖੇਤ ਮਜ਼ਦੂਰ ਜਥੇਬੰਦੀ ਵੱਲੋਂ ਲੋਕ ਹਿੱਤ ਵਿੱਚ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ।