For the best experience, open
https://m.punjabitribuneonline.com
on your mobile browser.
Advertisement

ਵਿਸ਼ਵ ਬੈਂਕ ਦੀ ਟੀਮ ਵੱਲੋਂ ਜਲ ਸਪਲਾਈ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ

05:38 AM Jan 24, 2025 IST
ਵਿਸ਼ਵ ਬੈਂਕ ਦੀ ਟੀਮ ਵੱਲੋਂ ਜਲ ਸਪਲਾਈ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ
ਅੰਮ੍ਰਿਤਸਰ ਵਿੱਚ ਜਲ ਸਪਲਾਈ ਪ੍ਰਾਜੈਕਟ ਦਾ ਦੌਰਾ ਕਰਦੀ ਹੋਈ ਵਿਸ਼ਵ ਬੈਂਕ ਦੀ ਟੀਮ। ਫੋਟੋ: ਵਿਸ਼ਾਲ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਜਨਵਰੀ
ਸ਼ਹਿਰ ਵਿੱਚ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਦੇਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐੱਸ.ਐੱਸ.) ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਛੇ ਮੈਂਬਰੀ ਟੀਮ ਨੇ ਸ਼ਹਿਰ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਨਗਰ ਨਿਗਮ ਵੱਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਿਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਆਉਣ ਵਾਲੇ ਸਮੇਂ ਵਿੱਚ ਅੱਪਰਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਪ੍ਰਾਜੈਕਟ ਤਹਿਤ ਵੱਲਾ ’ਚ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ, ਸ਼ਹਿਰ ਵਿੱਚ 118 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਉਣ ਦੇ ਨਾਲ-ਨਾਲ 51 ਨਵੀਆਂ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਆਪਣੇ ਦੋ ਦਿਨਾਂ ਦੌਰੇ ਦੌਰਾਨ ਵਿਸ਼ਵ ਬੈਂਕ ਦੀ ਟੀਮ ਨੇ ਰਣਜੀਤ ਐਵੀਨਿਊ, ਗੋਲਾਬਾਗ, ਕੋਟ ਖਾਲਸਾ, ਗੁਰੂ ਕੀ ਵਡਾਲੀ, ਲਾਹੌਰੀ ਗੇਟ, ਛੇਹਰਟਾ ਵਿਖੇ ਬਣ ਰਹੀਆਂ ਪਾਣੀ ਦੀਆਂ ਟੈਂਕੀਆਂ ਅਤੇ ਪਾਈਪਲਾਈਨਾਂ ਦੇ ਨਾਲ-ਨਾਲ ਵੱਲਾ ਵਿੱਚ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕਰਕੇ ਉਸਾਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਵਿਸ਼ਵ ਬੈਂਕ ਦੀ ਟੀਮ ਨੇ ਪ੍ਰਾਜੈਕਟ ਦੀ ਠੇਕੇਦਾਰ ਕੰਪਨੀ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਵੀ ਕੀਤੀਆਂ ਤਾਂ ਜੋ ਪ੍ਰਾਜੈਕਟ ਦੇ ਨਿਰਮਾਣ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਦੌਰੇ ਦੇ ਦੂਜੇ ਦਿਨ ਵਿਸ਼ਵ ਬੈਂਕ ਦੀ ਟੀਮ ਨੇ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨਾਲ ਪ੍ਰਾਜੈਕਟ ਬਾਰੇ ਚਰਚਾ ਕੀਤੀ।
ਇਸ ਦੌਰਾਨ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਜੈਕਟ ਦੇ ਕੰਮ ਨੂੰ ਤੇਜ਼ ਕਰਨ ਲਈ ਕਈ ਯਤਨ ਕੀਤੇ ਗਏ ਹਨ ਅਤੇ ਨਿਰਮਾਣ ਕਾਰਜ ਵਿੱਚ ਤੇਜ਼ੀ ਆਈ ਹੈ। ਉਨ੍ਹਾਂ ਦੱਸਿਆ ਕਿ ਵੱਲਾ ਆਰਮਜ਼ ਡਿੱਪੂ ਨੇੜੇ ਪਾਈਪਲਾਈਨ ਵਿਛਾਉਣ ਲਈ ਰੱਖਿਆ ਮੰਤਰਾਲੇ ਤੋਂ ਐੱਨਓਸੀ, ਜੋ ਕਿ ਲੰਬੇ ਸਮੇਂ ਤੋਂ ਬਕਾਇਆ ਸੀ, ਪ੍ਰਾਪਤ ਹੋ ਗਈ ਹੈ ਅਤੇ ਪਾਈਪਲਾਈਨ ਵਿਛਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੰਮ ਨੂੰ ਤੇਜ਼ ਕਰਨ ਲਈ ਪ੍ਰਾਜੈਕਟ ਨੂੰ ਪੂਰਾ ਕਰਨ ਵਾਲੀ ਕੰਪਨੀ ਵੱਲੋਂ ਕਰਮਚਾਰੀਆਂ ਦੀ ਗਿਣਤੀ ਵਧਾਈ ਜਾਵੇਗੀ ।

Advertisement

Advertisement
Advertisement
Author Image

sukhwinder singh

View all posts

Advertisement