For the best experience, open
https://m.punjabitribuneonline.com
on your mobile browser.
Advertisement

ਵਿਸ਼ਵ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਜਿੱਤ ਦਾ ਕੀਤਾ ਸਵਾਗਤ

07:47 AM Jun 07, 2024 IST
ਵਿਸ਼ਵ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਜਿੱਤ ਦਾ ਕੀਤਾ ਸਵਾਗਤ
Advertisement

ਕੈਨਬਰਾ, 6 ਜੂਨ
ਲੋਕ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਆਲਮੀ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦੇਣ ਦਾ ਸਿਲਸਿਲਾ ਜਾਰੀ ਹੈ ਅਤੇ ਆਸਟਰੇਲੀਆ, ਬ੍ਰਾਜ਼ੀਲ, ਨਿਊਜ਼ੀਲੈਂਡ ਅਤੇ ਫਿਲਪੀਨਜ਼ ਸਣੇ ਦੁਨੀਆ ਭਰ ਦੇ ਕਈ ਆਗੂਆਂ ਨੇ ਉਨ੍ਹਾਂ ਦੀ ਅਗਵਾਈ ਵਿੱਚ ਭਾਰਤ ਦੇ ਨਾਲ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣ ਦੀ ਆਸ ਪ੍ਰਗਟਾਈ।
ਮੋਦੀ ਵੱਲੋਂ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੇ ਜਾਣ ਦੀ ਪੂਰੀ ਤਿਆਰੀ ਹੈ। ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਨੇ ਲੋਕ ਸਭਾ ਚੋਣਾਂ ਵਿੱਚ 293 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਮੋਦੀ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਚੋਣਾਂ ਵਿੱਚ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ, ‘‘ਆਸਟਰੇਲੀਆ ਤੇ ਭਾਰਤ ਨੇੜਲੇ ਦੋਸਤ ਹਨ ਤੇ ਦੋਵੇਂ ਦੇਸ਼ ਆਪਣੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹਨ।’’ ਫਿਲਪੀਨਜ਼ ਦੇ ਰਾਸ਼ਟਰਪਤੀ ਬੌਂਗਬੌਂਗ ਮਾਰਕੋਸ ਨੇ ਵੀ ਮੋਦੀ ਨੂੰ ਨਵਾਂ ਲੋਕ ਫ਼ਤਵਾ ਹਾਸਲ ਕਰਨ ’ਤੇ ਵਧਾਈ ਦਿੱਤੀ। ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਈਸ ਇਨਾਸਿਓ ਲੂਲਾ ਦਾ ਸਿਲਵਾ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਮੋਦੀ ਦਾ ਤੀਜਾ ਕਾਰਜਕਾਲ ਸਥਿਰ ਵਿਕਾਸ ਨੂੰ ਬੜ੍ਹਾਵਾ ਦੇਣ, ਅਸਮਾਨਤਾਵਾਂ ਨੂੰ ਦੂਰ ਕਰਨ ਅਤੇ ਦੋਵੇਂ ਦੇਸ਼ਾਂ ਵਿਚਾਲੇ ਸਹਿਯੋਗ ਨੂੰ ਮਜ਼ਬੂਤ ਕਰਨ ’ਚ ਸਫਲ ਹੋਵੇਗਾ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲੁਕਸਨ ਨੇ ਮੋਦੀ ਨੂੰ ਵਧਾਈ ਦਿੰਦੇ ਹੋਏ ਕਿਹਾ, ‘‘ਭਾਰਤੀ ਚੋਣ ਨਤੀਜਿਆਂ ਵਿੱਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਘੀ ਵਧਾਈ।’’ ਇਸੇ ਤਰ੍ਹਾਂ ਐਸਟੋਨੀਆ ਦੀ ਪ੍ਰਧਾਨ ਮੰਤਰੀ ਕਾਜਾ ਕੱਲਾਸ, ਯੂਰਪੀ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵੋਨ ਡੇਰ ਲੇਯੇਨ ਨੇ ਮੋਦੀ ਨੂੰ ਜਿੱਤ ਦੀ ਮੁਬਾਰਕਬਾਦ ਦਿੱਤੀ ਅਤੇ ਇਜ਼ਰਾਈਲ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਇਸ ਵੇਲੇ ਵਿਰੋਧੀ ਧਿਰ ਦੇ ਨੇਤਾ ਯਾਇਰ ਲੈਪਿਡ ਨੇ ਭਾਰਤ ਦੀਆਂ ਆਮ ਚੋਣਾਂ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ। -ਪੀਟੀਆਈ

Advertisement

ਮੋਦੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਕਈ ਦੇਸ਼ਾਂ ਦੇ ਚੋਟੀ ਦੇ ਆਗੂ ਸ਼ਾਮਲ ਹੋਣ ਦੀ ਆਸ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਫ਼ਤੇ ਦੇ ਅਖੀਰ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਰੋਹ ਵਿੱਚ ਬੰਗਲਾਦੇਸ਼, ਸ੍ਰੀਲੰਕਾ, ਮਾਲਦੀਵ, ਭੂਟਾਨ, ਨੇਪਾਲ, ਮੌਰੀਸ਼ਸ ਅਤੇ ਸੈਸ਼ਲਜ਼ ਦੇ ਚੋਟੀ ਦੇ ਆਗੂਆਂ ਦੇ ਸ਼ਾਮਲ ਹੋਣ ਦੀ ਆਸ ਹੈ। ਮਿਲੀ ਜਾਣਕਾਰ ਅਨੁਸਾਰ ਭਾਰਤ ਵੱਲੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਸ੍ਰੀਲੰਕਾ ਦੇ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੂੰ ਪਹਿਲਾਂ ਹੀ ਸਹੁੰ ਚੁੱਕ ਸਮਾਰੋਹ ਦਾ ਸੱਦਾ ਭੇਜਿਆ ਜਾ ਚੁੱਕਾ ਹੈ ਅਤੇ ਕਈ ਹੋਰ ਦੇਸ਼ਾਂ ਦੇ ਕੁਝ ਹੋਰ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਦੀ ਹਾਮੀ ਭਰੀ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਾਹਲ ‘ਪ੍ਰਚੰਡ’, ਮਾਲਦੀਪ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਟੋਬਗੇ, ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨੌਥ ਅਤੇ ਸੈਸ਼ਲਜ਼ ਦੇ ਰਾਸ਼ਟਰਪਤੀ ਵੇਵਲ ਰਾਮਕਲਾਵਨ ਨੂੰ ਵੀ ਮੋਦੀ ਦੇ ਸਹੁੰ ਚੁੱਕ ਸਮਾਰੋਹ ਲਈ ਸੱਦਾ ਦਿੱਤਾ ਗਿਆ ਹੈ। ਮੋਦੀ ਵੱਲੋਂ 9 ਜੂਨ ਨੂੰ ਸਹੁੰ ਚੁੱਕੇ ਜਾਣ ਦੀ ਆਸ ਹੈ। -ਪੀਟੀਆਈ

ਭਾਰਤ ਨਾਲ ਮਿਲ ਕੇ ਕੰਮ ਕਰੇਗਾ ਕੈਨੇਡਾ: ਟਰੂਡੋ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੋਣ ਸਫਲਤਾ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਦੇਸ਼ ਮਨੁੱਖੀ ਅਧਿਕਾਰਾਂ, ਵਖਰੇਵਿਆਂ ਅਤੇ ਕਾਨੂੰਨ ਦੇ ਸ਼ਾਸਨ ’ਤੇ ਆਧਾਰਿਤ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ। ਦੋਹਾਂ ਦੇਸ਼ਾਂ ਦੇ ਸਬੰਧਾਂ ਵਿੱਚ ਪਿਛਲੇ ਸਾਲ ਸਤੰਬਰ ਵਿੱਚ ਉਦੋਂ ਤਣਾਅ ਪੈਦਾ ਹੋ ਗਿਆ ਸੀ ਜਦੋਂ ਟਰੂਡੋ ਨੇ ਦੋਸ਼ ਲਾਇਆ ਸੀ ਕਿ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰਦੇ ਹੋਏ ‘ਬਕਵਾਸ’ ਅਤੇ ‘ਪ੍ਰੇਰਿਤ’ ਕਰਾਰ ਦਿੱਤਾ ਸੀ।

Advertisement
Author Image

sukhwinder singh

View all posts

Advertisement
Advertisement
×