ਉਸਾਰੀ ਅਧੀਨ ਗ਼ੈਰਕਾਨੂੰਨੀ ਕਲੋਨੀ ’ਤੇ ਚੱਲਿਆ ਪੀਲਾ ਪੰਜਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਜੂਨ
ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ ਮੈਜਿਸਟ੍ਰੇਟ ਜਗਬੀਰ ਸਿੰਘ ਅਤੇ ਥਾਣਾ ਚਾਟੀਵਿੰਡ ਦੇ ਪੁਲੀਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਤਰਨ ਤਾਰਨ ਰੋਡ ਉੱਪਰ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਗਿਆ।
ਰੈਗੂਲੇਟਰੀ ਵਿੰਗ ਅਨੁਸਾਰ ਭਵਿੱਖ ਦੇ ਵਿਕਾਸ ਨੂੰ ਨਿਯੰਤਰਨ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤਰਨ ਤਾਰਨ ਰੋਡ ਉੱਪਰ ਪੈਂਦੇ ਪਿੰਡ ਚੱਬਾ ਵਿੱਚ ਬਾਬਾ ਨੌਧ ਸਿੰਘ ਦੀ ਸਮਾਧ ਨੇੜੇ ਉਸਾਰੀ ਜਾ ਰਹੀ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਵਿਭਾਗ ਵੱਲ਼ੋਂ ਹੁਣ ਤੱਕ ਕੁੱਲ 16 ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਕਲੋਨਾਈਜ਼ਰਾਂ ਅਤੇ ਅਣ-ਅਧਿਕਾਰਤ ਉਸਾਰੀ ਕਰਨ ਵਾਲਿਆਂ ਵਿਰੁੱਧ ਐੱਫਆਈਆਰ ਦਰਜ ਕਰਨ ਲਈ ਪੁਲੀਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ।
ਜ਼ਿਲ੍ਹਾ ਨਗਰ ਯੋਜਨਾਕਾਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗ਼ੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮਨਜੂਰਸ਼ੁਦਾ ਨਹੀਂ ਹਨ, ਉਨ੍ਹਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖ਼ਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮਨਜੂਰੀ ਦੀ ਮੰਗ ਜ਼ਰੂਰ ਕਰਨ।