ਕੈਂਬਵਾਲਾ ਵਿੱਚ ਨਾਜਾਇਜ਼ ਉਸਾਰੀਆਂ ’ਤੇ ਚੱਲਿਆ ਪੀਲਾ ਪੰਜਾ
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 10 ਜੂਨ
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਦੇ ਹੁਕਮਾਂ ਅਨੁਸਾਰ ਐੱਸਡੀਐੱਮ ਸੈਂਟਰਲ ਸੰਯਮ ਗਰਗ ਦੀ ਦੀ ਨਿਗਰਾਨੀ ਹੇਠ ਚੰਡੀਗੜ੍ਹ ਦੇ ਮਿਲਖ ਵਿਭਾਗ ਦੀ ਟੀਮ ਨੇ ਭਾਰੀ ਪੁਲੀਸ ਬਲ ਦੀ ਮਦਦ ਨਾਲ ਅੱਜ ਇੱਥੇ ਸੁਖਨਾ ਝੀਲ ਦੇ ਕੈਚਮੈਂਟ ਇਲਾਕੇ ਵਿੱਚ ਪੈਂਦੇ ਪਿੰਡ ਕੈਂਬਵਾਲਾ ‘ਚ ਨਾਜਾਇਜ਼ ਉਸਾਰੀਆਂ ਹਟਾਉਣ ਲਈ ਮੁਹਿੰਮ ਚਲਾਈ।
ਇਸ ਮੁਹਿੰਮ ਦੌਰਾਨ ਮਿਲਖ ਵਿਭਾਗ ਦੇ ਐਨਫੋਰਸਮੈਂਟ ਵਿੰਗ ਦੀ ਟੀਮ ਨੇ ਇੱਥੇ ਬਣੇ ਲਗਪਗ 34 ਆਰਜ਼ੀ ਤੇ ਪੱਕੇ ਗੈਰ-ਕਾਨੂੰਨੀ ਢਾਂਚੇ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਢਾਹ ਦਿੱਤੇ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਨਿਰਦੇਸ਼ਾਂ ਅਨੁਸਾਰ ਪੈਰੀਫੇਰੀ ਐਕਟ ਦੀ ਉਲੰਘਣਾ ਕਰਦੇ ਹੋਏ ਅਣ-ਅਧਿਕਾਰਤ ਉਸਾਰੀਆਂ ਨੂੰ ਰੋਕਣ ਲਈ ਅਜਿਹੀ ਮੁਹਿੰਮ ਆਉਣ ਵਾਲੇ ਹਫ਼ਤਿਆਂ ਵਿੱਚ ਵੀ ਜਾਰੀ ਰਹੇਗੀ।
ਮਿਲਖ ਵਿਭਾਗ ਵੱਲੋਂ ਵੱਖ-ਵੱਖ ਉਸਾਰੀਆਂ ਜਿਵੇਂ ਕਿ ਗੈਰ-ਕਾਨੂੰਨੀ ਫਾਰਮ ਹਾਊਸ, ਦੁਕਾਨਾਂ, ਗੁਦਾਮਾਂ ਅਤੇ ਗੈਰ-ਕਾਨੂੰਨੀ ਕਾਲੋਨੀਆਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਸ਼ਹਿਰ ਦੇ ਸਾਰੇ ਐੱਸਡੀਐੱਮਜ਼ ਨੂੰ ਇਨ੍ਹਾਂ ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।