ਨਾਜਾਇਜ਼ ਉਸਾਰੀਆਂ ’ਤੇ ਪੀਲਾ ਪੰਜਾ ਚਲਾਇਆ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 22 ਨਵੰਬਰ
ਅੰਮ੍ਰਿਤਸਰ ਡਿਵੈਲਪਮੈਂਟ ਅਥਾਰਟੀ ਦੇ ਰੈਗੂਲੇਟਰੀ ਵਿੰਗ ਵੱਲੋਂ ਜ਼ਿਲ੍ਹਾ ਟਾਊਨ ਪਲੈਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਕੰਬੋ ਦੇ ਪੁਲੀਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਰਾਮ ਤੀਰਥ ਰੋਡ ਉੱਪਰ ਪਿੰਡ ਵਡਾਲਾ ਭਿੱਟੇਵੱਡ ’ਚ ਬਣ ਰਹੀਆਂ ਅਣਅਧਿਕਾਰਤ ਕਲੋਨੀਆਂ ਦੀ ਢਾਹ-ਭੰਨ ਕੀਤੀ ਗਈ।
ਜ਼ਿਲ੍ਹਾ ਟਾਊਨ ਪਲੈਨਰ ਗੁਰਸੇਵਕ ਸਿੰਘ ਔਲਖ ਨੇ ਦੱਸਿਆ ਕਿ ਪਿੰਡ ਵਡਾਲਾ ਭਿੱਟੇਵੱਡ ’ਚ ਪੈਂਦੀ ਮਧੂਬਨ ਅਸਟੇਟ ਕਲੋਨੀ ਦੇ ਪਿਛਲੇ ਪਾਸੇ ਬਣਾਈ ਜਾ ਰਹੀ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਦੇ ਬਾਵਜੂਦ ਕਲੋਨੀ ’ਚ ਕੰਮਕਾਜ ਜਾਰੀ ਰਿਹਾ। ਇਸ ਮਗਰੋਂ ਕਾਰਵਾਈ ਕਰਦਿਆਂ ਇਸ ਕਲੋਨੀ ਦੀਆਂ ਉਸਾਰੀਆਂ ਢਾਹ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਵਡਾਲਾ ਭਿੱਟੇਵੱਡ ’ਚ ਹੀ ਵਿਕਸਿਤ ਕੀਤੀ ਜਾ ਰਹੀ ਨਿਊ ਮੈਪਲ ਸਿਟੀ ਨਾਮੀ ਅਣ-ਅਧਿਕਾਰਿਤ ਕਲੋਨੀ ਨੂੰ ਪਹਿਲਾਂ ਵੀ ਢਾਹਿਆ ਗਿਆ ਸੀ ਪਰ ਕਲੋਨਾਈਜ਼ਰ ਨੇ ਕਲੋਨੀ ਵਿੱਚ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਜਿਸ ਕਰਕੇ ਹੁਣ ਉਸਾਰੀਆਂ ਨੂੰ ਮੁੜ ਢਾਹ ਦਿੱਤਾ ਗਿਆ।
ਉਨ੍ਹਾਂ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ ਅਧੀਨ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕੁੱਲ 14 ਕਲੋਨਾਈਜ਼ਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲੀਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਜ਼ਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ) ਵੱਲੋਂ ਜਨਤਾ ਨੂੰ ਸੁਚੇਤ ਕਰਨ ਲਈ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਦੀ ਖਰੀਦ ਨਾ ਕਰਨ ਸਬੰਧੀ ਬੋਰਡ ਵੀ ਲਗਾਏ ਗਏ ਅਤੇ ਜਨਤਾ ਨੂੰ ਕੀਤੀ ਹੈ ਕਿ ਉਹ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਪੁੱਡਾ ਵੱਲੋਂ ਜਾਰੀ ਕੀਤੀ ਗਈ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ।