ਨਸ਼ੇ ਤਿਆਗ ਕੇ ਖੇਡਾਂ ਵਿੱਚ ਅੱਗੇ ਵਧਣ ਨੌਜਵਾਨ: ਖਹਿਰਾ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 20 ਅਗਸਤ
ਸ਼ੂਗਰਕੇਨ ਕੰਟਰੋਲ ਬੋਰਡ ਦੇ ਮੈਂਬਰ ਤੇ ਜਨ ਨਾਇਕ ਜਨਤਾ ਪਾਰਟੀ ਦੇ ਯੁਵਾ ਜ਼ਿਲ੍ਹਾ ਪ੍ਰਧਾਨ ਡਾ. ਜਸਵਿੰਦਰ ਸਿੰਘ ਖਹਿਰਾ ਨੇ ਕਿਹਾ ਹੈ ਕਿ ਨੌਜਵਾਨ ਵਰਗ ਨਸ਼ਿਆਂ ਵਰਗੀਆਂ ਬੁਰਾਈਆਂ ਛੱਡ ਕੇ ਖੇਡਾਂ ਵਿੱਚ ਅੱਗੇ ਵਧਣ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿਥੇ ਸਰੀਰਕ ਤੇ ਬੌਧਿਕ ਵਿਕਾਸ ਹੁੰਦਾ ਹੈ, ਉਥੇ ਨਾਲ ਹੀ ਅਨੁਸਾਸ਼ਨ ਵਿੱਚ ਰਹਿਣ ਦੀ ਭਾਵਨਾ ਪੈਦਾ ਹੁੰਦੀ ਹੈ। ਡਾ. ਖਹਿਰਾ ਪਿੰਡ ਸੂਰਮੀ ਵਿੱਚ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਦੇਣ ਉਪਰੰਤ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਖਿਡਾਰੀਆਂ ਤੇ ਪਿੰਡ ਵਾਸੀਆਂ ਵਲੋਂ ਡਾ. ਖਹਿਰਾ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖਿਡਾਰੀ ਦਾ ਮਨ ਸ਼ਾਂਤ, ਸਰੀਰ ਸਿਹਤਮੰਦ ਤੇ ਧਿਆਨ ਆਪਣੇ ਟੀਚੇ ਵੱਲ ਕੇਂਦਰਿਤ ਹੁੰਦਾ ਹੈ। ਇਸ ਲਈ ਹਰ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਜੀਵਨ ਵਿੱਚ ਖੇਡਾਂ ਵਲ ਉਚਿਤ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚੇ ਨੂੰ ਸ਼ੁਰੂ ਤੋਂ ਹੀ ਖੇਡਾਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਹਰਿਆਣਾ ਉਹ ਸੂਬਾ ਹੈ, ਜਿਸ ਦੇ ਖਿਡਾਰੀਆਂ ਨੇ ਪੂਰੀ ਦੁਨੀਆਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ ਹੈ। ਇਥੋਂ ਦੇ ਖਿਡਾਰੀਆਂ ਨੇ ਦੇਸ਼ ਭਰ ਵਿੱਚ ਸਭ ਤੋਂ ਵੱਧ ਮੈਡਲ ਜਿੱਤ ਕੇ ਲਿਆਂਦੇ ਹਨ ਤੇ ਦੇਸ਼ ਵਿਦੇਸ਼ ਵਿੱਚ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਡਾ. ਖਹਿਰਾ ਨੇ ਨੌਜਵਾਨਾਂ ਵਿੱਚ ਜੋਸ਼ ਭਰਦੇ ਹੋਏ ਕਿਹਾ ਕਿ ਇਕ ਸਮਾਂ ਸੀ ਜਦੋਂ ਖੇਡ ਸੁਵਿਧਾਵਾਂ ਦੀ ਘਾਟ ਸੀ ਪਰ ਅੱਜ ਸਾਡੇ ਖਿਡਾਰੀ ਸਖ਼ਤ ਮਿਹਨਤ ਕਰ ਕੇ ਗੋਲਡ ਮੈਡਲ ਜਿੱਤ ਕੇ ਲਿਆਉਂਦੇ ਹਨ। ਸੂਬਾ ਸਰਕਾਰ ਖਿਡਾਰੀਆਂ ਨੂੰ ਬਿਹਤਰ ਸੁਵਿਧਾਵਾਂ ਦੇ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਉਤਸ਼ਾਹ ਵਿੱਚ ਹੋਰ ਵਾਧਾ ਹੋਇਆ ਹੈ। ਸੂਬੇ ਦੇ ਨੌਜਵਾਨ ਮੁੱਖ ਮੰਤਰੀ ਦੁਸ਼ਿਅੰਤ ਸਿੰਘ ਚੌਟਾਲਾ ਦੀ ਸੋਚ ਹੈ ਕਿ ਯੁਵਾ ਵਰਗ ਖੇਡਾਂ ਵਿਚ ਅਗੇ ਆ ਕੇ ਆਪਣਾ ਤੇ ਦੇਸ਼ ਦਾ ਨਾਂ ਰੋਸ਼ਨ ਕਰੇ।