ਮਾਘੀ ਰੈਲੀ ਨੂੰ ਸਫਲ ਬਣਾਉਣ ’ਚ ਅਹਿਮ ਭੂਮਿਕਾ ਨਿਭਾਏਗਾ ਯੂਥ ਅਕਾਲੀ ਦਲ: ਝਿੰਜਰ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 5 ਜਨਵਰੀ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਸਮੂਹ ਅਹੁਦੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਵਰਕਰ ਮਾਘੀ ਰੈਲੀ ਨੂੰ ਸਫ਼ਲ ਬਣਾਉਣ ਲਈ ਅਹਿਮ ਰੋਲ ਅਦਾ ਕਰਨਗੇ। ਰੈਲੀ ਦੀ ਰਣਨੀਤੀ ਬਣਾਉਣ ਅਤੇ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਯੂਥ ਅਕਾਲੀ ਦਲ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਆਪਣੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਵੀ ਕੀਤੀ, ਜਿਸ ਵਿਚ ਸੀਨੀਅਰ ਆਗੂ ਅਤੇ ਅਹੁਦੇਦਾਰ ਹਾਜ਼ਰ ਹੋਏ ਜਿਨ੍ਹਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਦੋਸਤਾਨਾ ਮੈਚ’ ਵਿੱਚ ਰੁੱਝੀਆਂ ਹੋਈਆਂ ਹਨ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਅਕਾਲੀ ਦਲ ’ਤੇ ਹਮਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਖਿਆ ਦੀ ਗਾਰੰਟੀ ਦਿੱਤੀ ਸੀ ਉਹ ਸਪਸ਼ਟ ਕਰਨ ਕਿ ਤਿੰਨ ਸਾਲਾਂ ਵਿ਼ਚ ਇੱਕ ਵੀ ਨਵਾਂ ਕਾਲਜ ਜਾਂ ਸਕੂਲ ਖੋਲ੍ਹਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਤਰਸਯੋਗ ਹਾਲਤ ਹੈ ।