ਬਾਬੋਵਾਲ ’ਚ ਨਸ਼ੇ ਦੇ ਟੀਕੇ ਕਾਰਨ ਨੌਜਵਾਨ ਦੀ ਮੌਤ
ਕੇਪੀ ਸਿੰਘ
ਗੁਰਦਾਸਪੁਰ, 6 ਜੁਲਾਈ
ਨਜ਼ਦੀਕੀ ਪਿੰਡ ਬਾਬੋਵਾਲ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਅਮਿਤ ਮਸੀਹ (27) ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਦੋਸਤਾਂ ਉੱਪਰ ਨਸ਼ੇ ਦਾ ਟੀਕਾ ਲਗਾਉਣ ਦੇ ਇਲਜ਼ਾਮ ਲਗਾਏ ਹਨ। ਅਮਿਤ ਦੀ ਮਾਤਾ ਸੁਨੀਤਾ ਅਤੇ ਪਤਨੀ ਸ਼ਿਵਾਲੀ ਨੇ ਦੱਸਿਆ ਕਿ ਅਮਿਤ ਪਹਿਲਾਂ ਨਸ਼ਾ ਕਰਦਾ ਸੀ ਪਰ ਪਿਛਲੇ ਸੱਤ ਮਹੀਨੇ ਨਸ਼ਾਮੁਕਤੀ ਕੇਂਦਰ ਵਿੱਚ ਦਾਖਲ ਰਹਿਣ ਤੋਂ ਬਾਅਦ ਉਸ ਨੇ ਨਸ਼ਾ ਛੱਡ ਦਿੱਤਾ ਸੀ। ਕੱਲ੍ਹ ਉਸ ਦੇ ਦੋ ਦੋਸਤ ਉਸ ਨੂੰ ਆਪਣੇ ਨਾਲ ਲੈ ਗਏ, ਜਿਨ੍ਹਾਂ ਨੇ ਕਥਿਤ ਤੌਰ ’ਤੇ ਉਸ ਨੂੰ ਨਸ਼ੇ ਦਾ ਟੀਕਾ ਲਾ ਦਿੱਤਾ ਜਿਸ ਕਰਕੇ ਉਸ ਦੀ ਮੌਤ ਹੋ ਗਈ। ਉਸ ਦੇ ਦੋਸਤ ਉਸ ਨੂੰ ਇੱਕ ਈ-ਰਿਕਸ਼ਾ ਵਿੱਚ ਛੱਡ ਕੇ ਭੱਜ ਗਏ ਅਤੇ ਇਸ ਬਾਰੇ ਮੁਹੱਲੇ ਦੇ ਲੋਕਾਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ। ਜਦੋਂ ਬੇਹੋਸ਼ੀ ਦੀ ਹਾਲਤ ਵਿੱਚ ਅਮਿਤ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸ਼ਰ੍ਹੇਆਮ ਨਸ਼ਾ ਵਿਕਦਾ ਹੈ ਪਰ ਪੁਲੀਸ ਕੋਈ ਕਾਰਵਾਈ ਨਹੀਂ ਕਰਦੀ। ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਜਿਨ੍ਹਾਂ ਨੇ ਉਸ ਦੇ ਬੇਟੇ ਨੂੰ ਨਸ਼ੇ ਦਾ ਟੀਕਾ ਲਗਾਇਆ ਹੈ, ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਡੀਐੱਸਪੀ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।