ਮੋਗਾ-ਅੰਮ੍ਰਿਤਸਰ ਰੋਡ ’ਤੇ ਮੋਟਰਸਾਈਕਲ-ਕੈਂਟਰ ਦੀ ਟੱਕਰ ’ਚ ਨੌਜਵਾਨ ਦੀ ਮੌਤ
ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ, 5 ਜਨਵਰੀ
ਇਥੇ ਮੋਗਾ-ਅੰਮ੍ਰਿਤਸਰ ਮੁੱਖ ਮਾਰਗ ਉੱਤੇ ਪਿੰਡ ਕੜਾਹੇ ਵਾਲਾ ਕੋਲ ਅੱਜ ਦੁਪਹਿਰ ਵੇਲੇ ਮੋਟਰਸਾਈਕਲ ਤੇ ਕੈਂਟਰ ਦੀ ਆਹਮੋ ਸਾਹਮਣੀ ਟੱਕਰ ਵਿੱਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮੋਟਰਸਾਈਕਲ ਚਾਲਕ ਦੀ ਪਛਾਣ ਕੰਵਲਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਫਤ੍ਵੇਉੱਲਾ ਸ਼ਾਹ ਵਾਲਾ ਵਜੋਂ ਦੱਸੀ ਗਈ ਹੈ, ਜੋ ਪਿੰਡ ਪੀਰ ਮੁਹੰਮਦ ਤੋਂ ਪਰਤ ਰਿਹਾ ਸੀ। ਘਟਨਾ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ ਡੇਢ ਵਜੇ ਦੇ ਕਰੀਬ ਮੁੱਖ ਸੜਕ ਉਪਰ ਪੁਲੀਸ ਨਾਕੇ ਅਤੇ ਟੋਲ ਪਲਾਜ਼ਾ ਵਿਚਕਾਰ ਇਨ੍ਹਾਂ ਦੋਵਾਂ ਵਾਹਨਾਂ ਦੀ ਸਿੱਧੀ ਟੱਕਰ ਕਰਕੇ ਇਹ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਨੌਜਵਾਨ ਕੰਵਲਜੀਤ ਸਿੰਘ ਕੜਾਹੇ ਵਾਲਾ ਪਿੰਡ ਕੋਲ ਪਾਸ ਪੁੱਜਾ ਤਾਂ ਮੋਗਾ ਵੱਲੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ। ਹਾਦਸੇ ਵਿੱਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।