ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਕਤੂਬਰ
ਇੱਥੇ ਵਾਪਰੇ ਸੜਕ ਹਾਦਸਿਆਂ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਇੱਕ ਵੱਖਰੇ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਥਾਣਾ ਸਦਰ ਦੀ ਪੁਲੀਸ ਨੂੰ ਪਿੰਡ ਬਿਲਗਾ ਥਾਣਾ ਸਾਹਨੇਵਾਲ ਵਾਸੀ ਅਮਨਜੋਤ ਸਿੰਘ ਉਰਫ਼ ਅਮਨ ਨੇ ਦੱਸਿਆ ਕਿ ਉਹ ਆਪਣੇ ਦੋਸਤ ਬਿਕਰਮ ਕੁਮਾਰ ਸਮੇਤ ਮੋਟਰਸਾਈਕਲ ’ਤੇ ਪਿੰਡ ਚੁਪਕੀ ਵੱਲ ਜਾ ਰਿਹਾ ਸੀ ਕਿ ਪਿੰਡ ਸੰਗੋਵਾਲ ਦੇ ਗੇਟ ਦੇ ਸਾਹਮਣੇ ਅਚਾਨਕ ਪਿੱਛੋਂ ਇੱਕ ਵਾਹਨ ਦੇ ਅਣਪਛਾਤੇ ਚਾਲਕ ਨੇ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਆਪਣੇ ਵਾਹਨ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰੀ, ਜਿਸ ਕਾਰਨ ਦੋਵੇਂ ਜਣੇ ਹੇਠਾਂ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਸੱਟਾਂ ਲੱਗੀਆਂ। ਬਿਕਰਮ ਕੁਮਾਰ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਥਾਣੇਦਾਰ ਨਵੀਨ ਕੁਮਾਰ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਥਾਣਾ ਦੁੱਗਰੀ ਦੀ ਪੁਲੀਸ ਨੂੰ ਜਵੱਦੀ ਕਲਾਂ ਵਾਸੀ ਰਾਮ ਲਖਨ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤੇ ਉਸਦਾ ਢਾਈ ਸਾਲਾ ਲੜਕਾ ਆਯੂਸ਼ ਘਰ ਦੇ ਬਾਹਰ ਉਸ ਨੇੜੇ ਖੇਡ ਰਿਹਾ ਸੀ। ਇਸ ਦੌਰਾਨ ਇੱਕ ਕਾਰ ਦੇ ਅਣਪਛਾਤੇ ਚਾਲਕ ਨੇ ਆਪਣੀ ਕਾਰ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਚਲਾ ਕੇ ਬੱਚੇ ਨੂੰ ਫੇਟ ਮਾਰੀ ਅਤੇ ਸਮੇਤ ਕਾਰ ਫ਼ਰਾਰ ਹੋ ਗਿਆ। ਇਸ ਦੌਰਾਨ ਲੜਕੇ ਦੇ ਕਾਫੀ ਸੱਟਾਂ ਲੱਗੀਆਂ ਅਤੇ ਉਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।