ਜ਼ਮੀਨੀ ਵਿਵਾਦ ਤੇ ਰੰਜਿਸ਼ ਕਾਰਨ ਨੌਜਵਾਨ ਦਾ ਕਤਲ
ਮਨੋਜ ਸ਼ਰਮਾ/ਸ਼ਗਨ ਕਟਾਰੀਆ
ਬਠਿੰਡਾ, 2 ਫਰਵਰੀ
ਇੱਥੇ ਬਸੰਤ ਪੰਚਮੀ ਮੌਕੇ ਪਿੰਡ ਬੱਲੂਆਣਾ ਵਿੱਚ ਜ਼ਮੀਨੀ ਵਿਵਾਦ ਤੇ ਪੁਰਾਣੀ ਰੰਜਿਸ਼ ਕਾਰਨ ਪਿੰਡ ਦੇ ਨੌਜਵਾਨ ਦਾ ਕਤਲ ਹੋ ਗਿਆ। ਦਿਨ-ਦਿਹਾੜੇ ਹੋਏ ਕਤਲ ਕਾਰਨ ਪਿੰਡ ਵਿੱਚ ਸੁੰਨ ਪਸਰ ਗਈ ਹੈ। ਮ੍ਰਿਤਕ ਦੀ ਪਛਾਣ ਸੁਖਰਾਜ ਸਿੰਘ (42) ਪੁੱਤਰ ਦਰਸ਼ਨ ਵਜੋਂ ਹੋਈ ਹੈ। ਘਟਨਾ ਦੁਪਹਿਰ 2.30 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੁਖਰਾਜ ਆਪਣੇ ਪੁੱਤਰ ਨੂੰ ਪਿੰਡ ਦੇ ਗੁਰੂ ਘਰ ਨੇੜੇ ਇੱਕ ਦੁਕਾਨ ਤੋਂ ਪਤੰਗ ਦਿਵਾਉਣ ਆਇਆ ਸੀ।
ਇਸ ਦੌਰਾਨ ਪਿੰਡ ਦੇ ਹੀ ਕੁਝ ਵਾਸੀਆਂ ਵੱਲੋਂ ਉਸ ’ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਪਿੰਡ ਵਾਸੀਆਂ ਵੱਲੋਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲੀਸ ਵੱਲੋਂ ਮ੍ਰਿਤਕ ਦੇ ਭਰਾ ਬਲਰਾਜ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਕੁਲਦੀਪ ਸਿੰਘ ਉਰਫ ਕਾਲਾ, ਵਿਸ਼ਾਲ ਉਰਫ ਹੰਟਰ, ਬਲਕਾਰ ਸਿੰਘ ਅਤੇ ਗੁਰਜੀਤ ਸਿੰਘ ਉਰਫ਼ ਚੂਹੀ ਸਣੇ ਕੁਝ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਕਤਲ ਮਾਮਲੇ ਵਿੱਚ ਪਹਿਲਾਂ ਮੁਲਜ਼ਮਾਂ ਨੇ ਪਿਸਤੌਲ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਚੱਲਣ ਕਾਰਨ ਉਨ੍ਹਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਫੜਨ ਲਈ ਸੀਆਈਏ ਸਟਾਫ਼ ਦੀਆਂ ਟੀਮਾਂ ਬਣਾ ਕੇ ਛਾਪੇ ਮਾਰੇ ਜਾ ਰਹੇ ਹਨ।