ਵੰਡ ਪਾਊ ਤਾਕਤਾਂ ਦਾ ਢੁਕਵਾਂ ਜੁਆਬ ਦੇਣ ਨੌਜਵਾਨ: ਮੁੱਖ ਮੰਤਰੀ
ਚਰਨਜੀਤ ਭੁੱਲਰ
ਚੰਡੀਗੜ੍ਹ, 1 ਫਰਵਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਵਿਚ ਜ਼ਹਿਰ ਫੈਲਾਉਣ ਵਾਲੀਆਂ ਵੰਡ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਸਬਰ ਤੋਂ ਕੰਮ ਲੈਣ ਅਤੇ ਇਨ੍ਹਾਂ ਤਾਕਤਾਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਲੀਹੋਂ ਲਾਹੁਣਾ ਚਾਹੁੰਦੀਆਂ ਹਨ। ਉਨ੍ਹਾਂ ਭਰੋਸਾ ਜ਼ਾਹਿਰ ਕੀਤਾ ਕਿ ਸੂਬੇ ਦੇ ਸਮਝਦਾਰ ਨੌਜਵਾਨ ਅਜਿਹੇ ਏਜੰਡੇ ਵਿੱਚ ਨਹੀਂ ਫਸਣਗੇ ਅਤੇ ਇਨ੍ਹਾਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਗੇ।
ਮੁੱਖ ਮੰਤਰੀ ਨੇ ਅੱਜ ਇੱਥੇ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਦਾ ‘ਰੁਜ਼ਗਾਰ ਮਿਸ਼ਨ’ ਸੂਬੇ ਦੇ ਨੌਜਵਾਨਾਂ ਨੂੰ ਗੈਰ ਕਾਨੂੰਨੀ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਠੱਲ ਪਾਵੇਗਾ ਅਤੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿਚ ਭਾਈਵਾਲ ਬਣਾਏਗਾ। ਉਨ੍ਹਾਂ ਨੇ ਬਤੌਰ ਸੰਸਦ ਮੈਂਬਰ ਗੈਰਕਾਨੂੰਨੀ ਟਰੈਵਲ ਏਜੰਟਾਂ ਖਿਲਾਫ ਆਵਾਜ਼ ਉਠਾਈ ਸੀ ਅਤੇ ਪੰਜਾਬ ਸਰਕਾਰ ਨੇ ਹੁਣ ਗੈਰ ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਸਰਕਾਰ ਸ਼ੱਕੀ ਏਜੰਟਾਂ ਤੋਂ ਲੋਕਾਂ ਨੂੰ ਜਾਣੂ ਕਰਾ ਰਹੀ ਹੈ।