ਵਾਈਐੱਸਆਰਸੀਪੀ ਤੇ ਬੀਜੇਡੀ ਵੱਲੋਂ ਮਜਬੂਰੀ ’ਚ ਬਿੱਲ ਦਾ ਸਮਰਥਨ: ਚੱਢਾ
ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਅਗਸਤ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਭਾਜਪਾ ’ਤੇ ਸਿਆਸੀ ਆਗੂਆਂ ਨੂੰ ਬਲੈਕਮੇਲ ਕਰਨ ਅਤੇ ਆਪਣੇ ਹਿੱਤਾਂ ਦੀ ਪੂਰਤੀ ਲਈ ਦੂਜੀਆਂ ਪਾਰਟੀਆਂ ਦੇ ਅਕਸ ਨੂੰ ਢਾਹ ਲਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਰਗੇ ਰਾਜਾਂ ਵਿੱਚ ਸੂਬਾ ਸਰਕਾਰਾਂ ਦੇ ਨਾਲ ਪ੍ਰਮੁੱਖ ਪਾਰਟੀਆਂ ਹੋਣ ਦੇ ਬਾਵਜੂਦ ਵਾਈਐੱਸਆਰਸੀਪੀ ਅਤੇ ਬੀਜੇਡੀ ਭਾਜਪਾ ਵੱਲੋਂ ਪ੍ਰਸਤਾਵਿਤ ਇੱਕ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਬਿੱਲ ਦਾ ਸਮਰਥਨ ਕਰ ਰਹੇ ਹਨ। ਕੁਝ ਸਤਰਾਂ ਦਾ ਹਵਾਲਾ ਦਿੰਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, ‘‘ਬਹੁਤ ਸੀ ਮਜਬੂਰੀਆਂ ਰਹੀਂ ਹੋਂਗੀ, ਵਰਨਾ ਕੋਈ ਬੇਵਫ਼ਾ ਨਹੀਂ ਹੋਤਾ।’’
ਉਨ੍ਹਾਂ ਕਿਹਾ ਕਿ ਦਿੱਲੀ ਆਰਡੀਨੈਂਸ ਬਿੱਲ ਦਾ ਉਦੇਸ਼ ਸ਼ਕਤੀਆਂ ਦਾ ਕੇਂਦਰੀਕਰਨ ਕਰਨਾ ਅਤੇ ਰਾਜ ਸਰਕਾਰਾਂ ਦੀ ਖੁਦਮੁਖਤਿਆਰੀ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਕਿਹਾ ਕਿ ਵਾਈਐੱਸਆਰਸੀਪੀ ਅਤੇ ਬੀਜੇਡੀ ਵੱਲੋਂ ਅਜਿਹੇ ਬਿੱਲ ਦਾ ਸਮਰਥਨ ਕਰਨਾ ਉਨ੍ਹਾਂ ਦੀਆਂ ਆਪਣੀਆਂ ਮਜਬੂਰੀਆਂ ਹੋ ਸਕਦੀਆਂ ਹਨ ਪਰ ਇਹ ਲੋਕਤੰਤਰੀ ਸਿਧਾਂਤਾਂ ਦੀ ਉਲੰਘਣਾ ਹੈ। ਚੱਢਾ ਨੇ ਕਿਹਾ ਕਿ ਦਿੱਲੀ ਵਿੱਚ ਇਸ ਬਿੱਲ ਦਾ ਲਾਗੂ ਹੋਣਾ ਇੱਕ ਖ਼ਤਰਨਾਕ ਮਿਸਾਲ ਕਾਇਮ ਕਰੇਗਾ ਅਤੇ ਭਵਿੱਖ ਵਿੱਚ ਸਾਰੇ ਗ਼ੈਰ-ਭਾਜਪਾ ਰਾਜਾਂ ਵਿੱਚ ਵੀ ਅਜਿਹਾ ਹੀ ਹੋਣਾ ਤੈਅ ਹੈ। ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਪਿਆਰ ਤੇ ਸਮਰਥਨ ਹਾਸਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 25 ਸਾਲਾਂ ਤੋਂ ਦਿੱਲੀ ਵਿੱਚ ਚੋਣਾਂ ਜਿੱਤਣ ਵਿੱਚ ਅਸਮਰਥ ਰਹੀ ਭਾਜਪਾ ਵੱਲੋਂ ਵੱਖ-ਵੱਖ ਆਰਡੀਨੈਂਸਾਂ, ਬਿੱਲਾਂ ਅਤੇ ਨੋਟੀਫਿਕੇਸ਼ਨਾਂ ਰਾਹੀਂ ਸੂਬਾ ਸਰਕਾਰ ਦੀਆਂ ਸ਼ਕਤੀਆਂ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਾਨੂੰਨ ਦੀ ਹਮਾਇਤ ਕਰਨ ਵਾਲਿਆਂ ਨੂੰ ਇਤਿਹਾਸ ਵਿੱਚ ਰਾਸ਼ਟਰ ਵਿਰੋਧੀ ਵਜੋਂ ਯਾਦ ਕੀਤਾ ਜਾਵੇਗਾ, ਜਦੋਂਕਿ ਇਸ ਦਾ ਵਿਰੋਧ ਕਰਨ ਵਾਲਿਆਂ ਨੂੰ ਦੇਸ਼ ਭਗਤ ਵਜੋਂ ਦੇਖਿਆ ਜਾਵੇਗਾ।